Actionpunjab

Action Punjab Logo
Breaking News

Punjab

Punjab

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦੀ  ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਿਸ ਵੱਲੋਂ 10,000 ਰੁਪਏ ਦਾ ਇਨਾਮ  ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘‘ਹਿੱਲ ਟਰੈਪ’’ ਨਾਂ ਦਾ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ  ਛਾਪੇਮਾਰੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ ਵਿੱਚ ਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਪੰਜਾਬ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ  ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। ਪੁਲਿਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।   ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰਬਰ 111 ਮਿਤੀ 01.06.2026 ਨੂੰ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਫਿਰੋਜ਼ਪੁਰ ਦੇ ਪੁਲਿਸ ਸਟੇਸ਼ਨ ਮੱਖੂ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।  

Punjab

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿਚ ਛਪੀ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਤੇ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਐਸ.ਪੀ.ਹੈਡਕੁਆਟਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮਿਤੀ 9 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ। 

Punjab

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ। ਕਰੀਬ ਦੋ ਸਾਲਾਂ ਤੋਂ,  ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ। ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ ‘ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ। ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।” ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।” ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ ‘ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ ‘ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ। ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ। ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”  

Punjab

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 07ਜੂਨ-       ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਗੋਇਲ ਨੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਹਰ ਨਾਗਰਿਕ ਨੂੰ ਇਸ ਸਮਾਜਿਕ ਜੰਗ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਪਤਵੰਤੇ ਹਾਜ਼ਰ ਸਨ। 

Punjab

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਚੰਡੀਗੜ੍ਹ, 7 ਜੂਨ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।  

Punjab

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ। ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 463ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 279 ਨਸ਼ੀਲੀਆਂ ਗੋਲੀਆਂ ਅਤੇ 3450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 463 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,121 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਦਿੱਤਾ ਵਧਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 7 ਜੂਨ   ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ।   ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ ‘ਤੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ‘ਤੇ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਪੈ ਰਹੀ ਹੈ। ਡੀਜ਼ਲ, ਐਲ.ਪੀ.ਜੀ., ਸੀ.ਐਨ.ਜੀ. ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਹੋਰ ਮਹਿੰਗੀ ਹੋ ਗਈ ਹੈ।   ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ-ਈਰਾਨ ਜੰਗ ਸਮੇਤ ਅੰਤਰਰਾਸ਼ਟਰੀ ਘਟਨਾਕ੍ਰਮਾਂ ਨੂੰ ਬਹਾਨਾ ਬਣਾ ਕੇ ਨਾਗਰਿਕਾਂ ‘ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਤੋਂ ਰਾਹਤ ਦਿਵਾਉਣ ਦੇ ਵਾਅਦੇ ‘ਤੇ ਸੱਤਾ ਵਿੱਚ ਆਉਣ ਦੇ ਬਾਵਜੂਦ, ਭਾਜਪਾ ਇਨ੍ਹਾਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਨਾਕਾਮ ਰਹੀ ਹੈ।   ਉਨ੍ਹਾਂ ਅੱਗੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰੀਆਂ, ਰੇਹੜੀ-ਫੜੀ ਵਾਲਿਆਂ ਅਤੇ ਸਥਾਨਕ ਢਾਬਿਆਂ/ਹੋਟਲਾਂ ਨੂੰ ਪ੍ਰਭਾਵਿਤ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰਾਂ, ਰੇਹੜੀ ਵਾਲਿਆਂ ਅਤੇ ਸਥਾਨਕ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਅਸਰ ਪਾਇਆ ਹੈ। ਹੁਣ ਘਰੇਲੂ ਐਲਪੀਜੀ ਦੀਆਂ ਕੀਮਤਾਂ ਵੀ ਵਧਣ ਨਾਲ ਪਰਿਵਾਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਆਰਥਿਕ ਦਬਾਅ ਹੋਰ ਵਧੇਗਾ।   ਵਿੱਤ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਆਮ ਲੋਕਾਂ ਦੀ ਖਰੀਦ ਸ਼ਕਤੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ੀ ਦੌਰੇ ਕਰਦੇ ਰਹਿੰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੇਸ਼ ਦੇ ਅੰਦਰ ਨਾਗਰਿਕਾਂ ਨੂੰ ਰਾਹਤ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।   ਐਲਪੀਜੀ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਰ-ਵਾਰ ਵਾਧਾ ਕਰਨ ਦੀ ਬਜਾਏ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਨੂੰ ਆਰਥਿਕ ਤੰਗੀ ਵੱਲ ਧੱਕ ਰਿਹਾ ਹੈ। ਕੇਂਦਰ ਨੂੰ ਆਮ ਲੋਕਾਂ ‘ਤੇ ਬੋਝ ਪਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਜਨਤਾ ਨੂੰ ਅਸਲ ਰਾਹਤ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ। 

Punjab

ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ-      ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ। ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿੱਚ ਪੰਜਾਬ ਦੇ 750 ਤੋਂ ਵੱਧ ਅੰਨਦਾਤਿਆਂ ਦੀ ਜਾਨ ਲਈ ਹੈ। ਇਹ ਉਹੀ ਸਾਡੇ ਵੀਰ ਕਿਸਾਨ ਸਨ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਸ਼ਹਾਦਤ ਦੇ ਦਿੱਤੀ। ਪੰਜਾਬ ਦੇ ਲੋਕ ਆਪਣੇ ਉਨ੍ਹਾਂ ਸ਼ਹੀਦ ਕਿਸਾਨ ਭਰਾਵਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਿਸਾਨਾਂ ‘ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਕਦੇ ਮੁਆਫ਼ ਕਰ ਸਕਦੇ ਹਨ। ਕੇਂਦਰੀ ਲੀਡਰਸ਼ਿਪ ਅਤੇ ਭਾਜਪਾ ਦੀਆਂ ਨੀਤੀਆਂ ‘ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਵੀ ਹੈ। ਇਹ ਉਹੀ ਪਾਰਟੀ ਹੈ ਜੋ ਹਮੇਸ਼ਾ ਤੋਂ ਸਾਡੇ ਪਾਣੀਆਂ ‘ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦੀ ਤਾਕ ਵਿੱਚ ਰਹਿੰਦੀ ਹੈ। ਇਨ੍ਹਾਂ ਨੇ ਨਾ ਸਿਰਫ਼ ਪੰਜਾਬ ਨਾਲ ਮਤਰੇਆ ਸਲੂਕ ਕੀਤਾ, ਸਗੋਂ ਆਪਣੀਆਂ ਗਲਤ ਨੀਤੀਆਂ ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਕਰਾਰਾ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਅਤੇ ਦਮਨ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। 

Punjab

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਧੂਰੀ, 7 ਜੂਨ:       ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ ‘ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ ‘ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ, ਜਿਸ ਲਈ ਭਾਜਪਾ ਸਰਕਾਰ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ ਅਤੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਰਾਹੀਂ ਵੀ ਕਿਸਾਨੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ ਦੇ ਭਵਿੱਖ ਦੀ ਰੱਖਿਆ ਲਈ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਿਸਾਨ ਅਤੇ ਲੋਕ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਨਾਮ ‘ਤੇ ਵੰਡ ਕੇ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ, ਪਰ ਪੰਜਾਬ ਦੀ ਸੂਝਵਾਨ ਜਨਤਾ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ। ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ ਅਤੇ ਸੂਰਮਿਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਵੰਡ ਕੇ ਇੱਥੇ ਆਪਣਾ ਸਿਆਸੀ ਆਧਾਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਨੂੰ ਭਰਪੂਰ ਸਮਰਥਨ ਦੇ ਰਹੇ ਹਨ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਧੂਰੀ ਦੀ ਧਰਤੀ ਤੋਂ ਪੰਜਾਬ ਦੇ ਹੱਕਾਂ ਦੀ ਆਵਾਜ਼ ਇੱਕ ਵਾਰ ਫਿਰ ਬੁਲੰਦ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਮੌਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਜਵਾਬ ਮੰਗੇ ਗਏ ਹਨ। ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਹੱਕ ਜਤਾਉਣ ਦੀਆਂ ਕੋਸ਼ਿਸ਼ਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੇ ਯਤਨ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨ ਦੀ ਜ਼ਿੱਦ, ਪੰਜਾਬ ਦੇ ਆਰ.ਡੀ.ਐੱਫ. ਅਤੇ ਹੋਰ ਵਿੱਤੀ ਫੰਡਾਂ ਨੂੰ ਰੋਕਣ ਵਰਗੇ ਮਾਮਲਿਆਂ ਸਬੰਧੀ ਪੰਜਾਬ ਦੇ ਲੋਕ ਲਗਾਤਾਰ ਜਵਾਬ ਮੰਗ ਰਹੇ ਹਨ, ਪਰ ਕੇਂਦਰ ਅਤੇ ਭਾਜਪਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਪੰਜਾਬ ਪੱਖੀ ਮੁੱਦਿਆਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਧੂਰੀ ਵਿਖੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਅਮਰਦੀਪ ਸਿੰਘ ਧਾਂਦਰਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬਲਾਕ ਪ੍ਰਧਾਨ ਮਿਲਖ ਰਾਜ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਨਗਰ ਕੌਂਸਲਰ ਰਾਜੀਵ ਚੌਧਰੀ, ਮਨੀਸ਼ ਜਿੰਦਲ, ਕੌਂਸਲਰ ਜਸਵੀਰ ਸਿੰਘ ਅਤੇ ਪਿੰਡ ਬੱਬਨਪੁਰ ਦੀ ਸਮੁੱਚੀ ਪੰਚਾਇਤ ਅਤੇ ਪੰਚ ਵੀ ਇਸ ਮੌਕੇ ਹਾਜ਼ਰ ਸਨ। 

Punjab

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

ਸੁਨਾਮ, 7 ਜੂਨ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ।ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ।ਪਿੰਡ ਕਨੋਈ ਵਿਖੇ ਕੈਬਨਿਟ ਮੰਤਰੀ ਨੇ ਕਰੀਬ 04 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਦੇ ਨਾਲ ਹੀ ਪਿੰਡ ਦੇ ਛੱਪੜ ਦੀ ਕਾਇਆ-ਕਲਪ ਲਈ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕਰਵਾਈ।ਇਸ ਮੌਕੇ ਉਨ੍ਹਾਂ ਨੇ 16 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੰਚਾਇਤ ਘਰ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ।ਪਿੰਡ ਖੇੜੀ ਵਿਖੇ 01 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਪਿੰਡ ਖੁਰਾਣੀ ਵਿਖੇ 47 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਕਾਇਆ-ਕਲਪ ਅਤੇ ਸੁਧਾਰ ਲਈ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਪੇਂਡੂ ਜੀਵਨ ਪੱਧਰ ਵਿੱਚ ਹੋਰ ਸੁਧਾਰ ਆਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

Scroll to Top