Actionpunjab

Action Punjab Logo
Breaking News

Punjab

Punjab

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 6 ਜੂਨ: ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ  ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਲਬਧ ਰਹਿਣਗੇ। ਸ਼੍ਰੀਮਤੀ ਮਿਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਇਸ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।  

Punjab

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 6 ਜੂਨ: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।” ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।  

Punjab

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਚੰਡੀਗੜ੍ਹ, 5 ਜੂਨ:  ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।  ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱਖ-ਰਖਾਅ, ਰਸੋਈਆਂ ਦੀ ਸਫਾਈ, ਰਸੋਈਏ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਸਕੂਲ ਸਿਹਤ ਪ੍ਰੋਗਰਾਮ ਬਾਰੇ ਕਮਿਸ਼ਨ ਨੇ ਸਕੂਲਾਂ ਵਿੱਚ ਸਿਹਤ ਜਾਂਚ, ਵਿਕਾਸ ਦੀ ਨਿਗਰਾਨੀ ਅਤੇ ਸਫਾਈ ਅਭਿਆਸਾਂ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਚੇਅਰਮੈਨ ਨੇ ਕੁਪੋਸ਼ਣ ਦੀ ਜਲਦੀ ਪਛਾਣ ਅਤੇ ਸਕੂਲ ਪੱਧਰ ‘ਤੇ ਪੋਸ਼ਣ ਸਬੰਧੀ ਕਮੀਆਂ ਨੂੰ ਦੂਰ ਕਰਨ ਲਈ ਸਿਹਤ, ਸਿੱਖਿਆ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਵਿਚਕਾਰ ਤਾਲਮੇਲ ਅਧਾਰਿਤ ਕਾਰਵਾਈ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ , 2013 ਦੇ ਉਪਬੰਧਾਂ ‘ਤੇ ਜਾਗਰੂਕਤਾ ਮੁਹਿੰਮ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਜਨਤਕ ਵੰਡ ਪ੍ਰਣਾਲੀ ਦੇ ਅਧੀਨ ਹੱਕ, ਸ਼ਿਕਾਇਤ ਨਿਵਾਰਣ ਵਿਧੀਆਂ ਅਤੇ ਭੋਜਨ ਸੁਰੱਖਿਆ ਮਾਪਦੰਡ ਸ਼ਾਮਲ ਹਨ। ਇਹ ਪਾਇਆ  ਗਿਆ ਕਿ ਪੰਚਾਇਤੀ ਰਾਜ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਨਿਰੰਤਰ ਪਹੁੰਚ ਰਾਹੀਂ ਇਹ ਯਕੀਨੀ ਬਣਾਉਣ ਦੀ ਲੋਡ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਤੋੰ ਲਾਭ ਪ੍ਰਾਪਤ ਹੋਣ । ਚੇਅਰਮੈਨ ਨੇ ਜ਼ਿਲ੍ਹਾ-ਪੱਧਰੀ ਅਧਿਕਾਰੀਆਂ ਨੂੰ ਆਈ. ਈ. ਸੀ. ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਿਆਪਕ ਪ੍ਰਸਾਰ ਲਈ ਸਥਾਨਕ ਮੀਡੀਆ, ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਰਗੇ ਨਵੀਨਤਾਕਾਰੀ ਸਾਧਨਾਂ ਨੂੰ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ।  ਮੀਟਿੰਗ ਦੀ ਸਮਾਪਤੀ ਵਿੱਚ ਚੇਅਰਮੈਨ ਨੇ ਉਕਤ ਮੁੱਦਿਆਂ ‘ਤੇ ਮਹੀਨਾਵਾਰ ਸਮੀਖਿਆ, ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕਰਨ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਚੋਟੀ ਦੇ 3 ਸਕੂਲਾਂ ਅਤੇ ਆਂਗਣਵਾੜੀਆਂ ਨੂੰ ਰਾਜ ਪੱਧਰ ‘ਤੇ ਮਾਨਤਾ ਦਿੱਤੀ ਜਾਵੇਗੀ। ਚੇਅਰਮੈਨ ਨੇ ਅੱਗੇ ਦੁਹਰਾਇਆ ਕਿ ਭੋਜਨ ਸੁਰੱਖਿਆ ਮਨੁੱਖੀ ਸਨਮਾਨ ਦਾ ਅਨਿੱਖੜਵਾਂ ਅੰਗ ਹੈ ਅਤੇ ਲਾਗੂਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਅੰਤਰ-ਵਿਭਾਗੀ ਤਾਲਮੇਲ ਅਤੇ ਉਹਨਾਂ ਨੇ ਸਮੇਂ ਸਿਰ ਰਿਪੋਰਟਿੰਗ ਦੀ ਮੰਗ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਸਰਗਰਮ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ ਕਿ ਕੋਈ ਵੀ ਬੱਚਾ ਜਾਂ ਘਰ ਢੁਕਵੇਂ ਅਤੇ ਪੌਸ਼ਟਿਕ ਭੋਜਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ  ਮੌਜੂਦ ਪਤਵੰਤਿਆਂ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਕਨੂ ਥਿੰਦ ਤੇ ਹੋਰ ਸ਼ਾਮਲ ਸਨ।  

Punjab

ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ  ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।  

Punjab

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ  ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।” ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ ਉੱਭਰੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ,“ਜੇਕਰ ਸਮੇਂ ਸਿਰ ਇਲਾਜ ਨਾ ਮਿਲੇ ਤਾਂ ਸਾਹ ਸੰਬੰਧੀ ਬੀਮਾਰੀਆਂ ਜਾਨਲੇਵਾ ਰੂਪ ਧਾਰ ਸਕਦੀਆਂ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹੁਣ ਪਰਿਵਾਰਾਂ ਨੂੰ ਮੈਡੀਕਲ ਐਮਰਜੈਂਸੀ ਦੌਰਾਨ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਚਿੰਤਾ ਨਹੀਂ ਰਹੀ । ਮਰੀਜ਼ ਬਿਨਾਂ ਕਿਸੇ ਦੇਰੀ ਦੇ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਅਤੇ ਵਧਦੇ ਹਵਾ ਪ੍ਰਦੂਸ਼ਣ ਦੇ ਦੌਰਾਨ ਸਾਹ ਸੰਬੰਧੀ ਰੋਗ ਹਸਪਤਾਲ ਵਿੱਚ ਦਾਖ਼ਲ ਹੋਣ ਦੇ ਸਭ ਤੋਂ ਆਮ ਕਾਰਨਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ,“ਅਕਸਰ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਮਾਮੂਲੀ ਲੱਗਣ ਵਾਲੀਆਂ ਸਮੱਸਿਆਵਾਂ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਗੰਭੀਰ ਰੂਪ ਧਾਰਨ ਕਰ ਲੈਂਦੀਆਂ  ਹਨ।” ਮੰਤਰੀ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਪਹਿਲਾਂ ਕਈ ਪਰਿਵਾਰ ਹਸਪਤਾਲ ਜਾਣ ਵਿੱਚ ਦੇਰੀ ਕਰ ਦਿੰਦੇ ਸਨ, ਜਿਸ ਨਾਲ ਬੀਮਾਰੀ ਗੰਭੀਰ ਹੋ ਜਾਂਦੀ ਸੀ ਅਤੇ ਇਲਾਜ ਦਾ ਖ਼ਰਚ ਵੀ ਵਧ ਜਾਂਦਾ ਸੀ। ਉਨ੍ਹਾਂ ਕਿਹਾ,“2,300 ਤੋਂ ਵੱਧ ਪ੍ਰਕਿਰਿਆਵਾਂ ਅਤੇ ਇਲਾਜਾਂ ਲਈ ਉਪਲੱਬਧ ਕੈਸ਼ਲੈੱਸ ਸਹੂਲਤ ਮਰੀਜ਼ਾਂ ਨੂੰ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਡਾਕਟਰੀ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰ ਰਹੀ ਹੈ।” ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਯੋਜਨਾ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਦੇ ਨਾਲ-ਨਾਲ ਸਮੇਂ ਸਿਰ ਇਲਾਜ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਨਤੀਜਿਆਂ ਵਿੱਚ ਸੁਧਾਰ ਹੋ ਰਿਹਾ ਹੈ।” ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਪਲਮੋਨੋਲੋਜਿਸਟ ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਸਾਹ ਸੰਬੰਧੀ ਰੋਗਾਂ ਦੇ ਇਲਾਜ ਲਈ ਹਸਪਤਾਲ ਪਹੁੰਚਣ ਵਿੱਚ ਦੇਰੀ ਅੱਜ ਵੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ, “ਜ਼ਿਆਦਾਤਰ ਸਾਹ ਸੰਬੰਧੀ ਰੋਗਾਂ ਦਾ ਇਲਾਜ ਸ਼ੁਰੂਆਤੀ ਪੜਾਅ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਹੁੰਦਾ ਹੈ। ਪਰ ਕਈ ਮਰੀਜ਼ ਉਦੋਂ ਹਸਪਤਾਲ ਪਹੁੰਚਦੇ ਹਨ ਜਦੋਂ ਉਨ੍ਹਾਂ ਦੀ ਹਾਲਤ ਕਾਫ਼ੀ ਵਿਗੜ ਚੁੱਕੀ ਹੁੰਦੀ ਹੈ, ਕਿਉਂਕਿ ਪਰਿਵਾਰ ਇਲਾਜ ਲਈ ਪੈਸੇ ਦਾ ਪ੍ਰਬੰਧ ਕਰਨ ਵਿੱਚ ਲੱਗੇ ਰਹਿੰਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਣ ਵਾਲਾ ਕੈਸ਼ਲੈੱਸ ਇਲਾਜ ਇਸ ਪਾੜੇ ਨੂੰ ਘਟਾਉਣ ਵਿੱਚ ਮਦਦ ਕਰ ਰਿਹਾ ਹੈ।” ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਮੌਸਮੀ ਧੁੰਦ (ਸਮੌਗ) ਵਰਗੇ ਕਾਰਨਾਂ ਕਰਕੇ ਸਾਹ ਸੰਬੰਧੀ ਰੋਗਾ ਲਗਾਤਾਰ ਵਧ ਰਹੇ ਹਨ । ਉਨ੍ਹਾਂ ਕਿਹਾ, “ਬਜ਼ੁਰਗਾਂ, ਬੱਚਿਆਂ ਅਤੇ ਸ਼ੂਗਰ ਤੇ ਗੁਰਦੇ ਦੀਆਂ ਬੀਮਾਰੀਆਂ ਵਰਗੀਆਂ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ ਮਰੀਜ਼ਾਂ ਵਿੱਚ ਗੰਭੀਰ ਸਿਹਤ ਸਮੱਸਿਆਂਵਾਂ ਦਾ ਖ਼ਤਰਾ ਹੋਰ ਵੀ ਵੱਧ ਹੁੰਦਾ ਹੈ।” ਉਨ੍ਹਾਂ ਦੱਸਿਆ ਕਿ ਸਾਹ ਲੈਣ ਵਿੱਚ ਅਸਮਰੱਥਤ  ਕਈ ਮਰੀਜ਼ਾਂ ਦਾ ਵੀ ਇਸ ਯੋਜਨਾ ਤਹਿਤ ਇਲਾਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਚਨਚੇਤ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ। ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਡਾ. ਜੋਰਾਵਰ ਸਿੰਘ ਨੇ ਸਿਗਰਟਨੋਸ਼ੀ ਅਤੇ ਦੂਜਿਆਂ ਦੇ ਸਿਗਰਟ ਦੇ ਧੂੰਏਂ (ਸੈਕਿੰਡ-ਹੈਂਡ ਸਮੋਕ) ਤੋਂ ਬਚਣ, ਧੂੜ ਜਾਂ ਰਸਾਇਣਾਂ ਨਾਲ ਸਬੰਧਿਤ ਕੰਮ ਵਾਲੀਆਂ ਥਾਂਵਾਂ ’ਤੇ ਸੁਰੱਖਿਆ ਉਪਕਰਨਾਂ ਦੀ ਵਰਤੋਂ ਕਰਨ ਅਤੇ ਘਰਾਂ ਵਿੱਚ ਢੁੱਕਵੇਂ ਹਵਾਦਾਰੀ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਸਲਾਹ ਦਿੱਤੀ।  

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਚੰਡੀਗੜ੍ਹ, 5 ਜੂਨ, 2026– ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਦਿਆਂ  ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ। ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ  ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਪੀ.ਐਸ.ਟੀ.ਸੀ. ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਦਫ਼ਤਰੀ ਦੇਰੀ ਨੂੰ ਖ਼ਤਮ ਕਰਨ ਲਈ, ਉਨ੍ਹਾਂ ਨੇ ਕਮਿਸ਼ਨ ਦੇ ਮੈਂਬਰਾਂ ਨੂੰ ਸਕੱਤਰ-ਪੱਧਰ ਦੇ ਅਧਿਕਾਰੀਆਂ ਨਾਲ ਸਰਗਰਮ ਵਟਸਐਪ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਸਬੰਧਤ ਸੂਬੇ ਦੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਸਮਰਪਿਤ ਨੋਡਲ ਅਫ਼ਸਰ ਤੁਰੰਤ ਤਾਇਨਾਤ ਕਰਨ ਦਾ ਹੁਕਮ ਦਿੱਤਾ। ਵਪਾਰਕ ਭਾਈਚਾਰੇ ਨੂੰ ਦਰਪੇਸ਼ ਸੁਰੱਖਿਆ ਅਤੇ ਇਸ ਸਬੰਧੀ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ, ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਹ ਸਮਰਪਿਤ ਸੈੱਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ‘ਤੇ ਤੁਰੰਤ, ਉੱਚ-ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।” ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਪੀ.ਐਸ.ਟੀ.ਸੀ. ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਨੋਟਿਸ ਲੋੜੀਂਦਾ ਸਮਾਂ ਪਹਿਲਾਂ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ, “ਜਨਤਕ ਜਾਗਰੂਕਤਾ ਵਧਾਉਣ ਲਈ ਇਨ੍ਹਾਂ ਮੀਟਿੰਗਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਮੁੱਖ ਮੰਤਰੀ ਵੱਲੋਂ ਭੇਜੇ ਜਾਣ ਵਾਲੇ ਸੱਦਾ ਪੱਤਰ ਨਿਰਧਾਰਤ ਮੀਟਿੰਗਾਂ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਸਬੰਧਤ ਵਪਾਰੀਆਂ ਤੱਕ ਪਹੁੰਚਣੇ ਚਾਹੀਦੇ ਹਨ।” ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ। ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਅਧਿਕਾਰੀ ਜਿਨ੍ਹਾਂ ਵਿੱਚ ਵਿੱਤੀ ਕਮਿਸ਼ਨਰ (ਕਰ) ਅਜੀਤ ਬਾਲਾਜੀ ਜੋਸ਼ੀ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਬੀ. ਸ੍ਰੀਨਿਵਾਸਨ, ਕਰ ਕਮਿਸ਼ਨਰ ਜਤਿੰਦਰਾ ਜੋਰਵਾਲ, ਸਕੱਤਰ ਪੀ.ਐਸ.ਟੀ.ਸੀ. ਪੁਨੀਤ ਗੋਇਲ, ਡਾਇਰੈਕਟਰ ਸਥਾਨਕ ਸਰਕਾਰਾਂ ਏ. ਐਸ. ਬਰਾੜ, ਵਿਸ਼ੇਸ਼ ਸਕੱਤਰ (ਕਿਰਤ) ਰਵਿੰਦਰ ਸਿੰਘ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।  

Punjab

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਜੂਨ 2026- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ। ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ। ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, “ਤੀਜੇ ਪੜਾਅ ਦੇ ਪ੍ਰਸਤਾਵਾਂ ਲਈ ਦੋ ਦਿਨਾਂ ਦਾ ਸਮਾਂ ਆਖਰੀ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜੇਕਰ ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਨਾ ਕੀਤੇ ਗਏ, ਤਾਂ ਸਬੰਧਤ ਖੇਤਰਾਂ ਦੀਆਂ ਵਿਕਾਸ ਗ੍ਰਾਂਟਾਂ ਬਿਨਾਂ ਵਜ੍ਹਾ ਦੇਰੀ ਕਾਰਨ ਰੋਕ ਦਿੱਤੀਆਂ ਜਾਣਗੀਆਂ।” ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੰਮਾਂ ਦੀ ਰਣਨੀਤੀ ਬਣਾਉਣ ਅਤੇ ਇਨ੍ਹਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਮੌਸਮ ਕਾਰਨ ਕੋਈ ਵਿਘਨ ਜਾਂ ਦੇਰੀ ਨਾ ਹੋਵੇ। ਪ੍ਰਸ਼ਾਸਨਿਕ ਅਨੁਸ਼ਾਸਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਵਿੱਤੀ ਬਿੱਲਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰਸ਼ਾਸਨਿਕ ਦੇਰੀ ਦੀ ਪੂਰੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਸਬੰਧਤ ਕਾਰਜਕਾਰੀ ਏਜੰਸੀ ਸਿਰ ਮੜ੍ਹੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲਿਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵਿੱਤੀ ਪਾਰਦਰਸ਼ਤਾ ਨੂੰ ਹੋਰ ਹੁਲਾਰਾ ਦਿੰਦਿਆਂ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਪਹਿਲਾਂ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਸਥਾਈ ਅਤੇ ਸਮਾਂ-ਬੱਧ ਪ੍ਰਣਾਲੀ ਸਥਾਪਤ ਕਰਨ ਤਾਂ ਜੋ ਭਵਿੱਖ ਵਿੱਚ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕੀਤੇ ਜਾ ਸਕਣ ਅਤੇ ਪੰਜਾਬ ਭਰ ਵਿੱਚ ਵਿਕਾਸ ਫੰਡਾਂ ਦਾ ਪ੍ਰਵਾਹ ਨਿਰਵਿਘਨ ਜਾਰੀ ਰਹੇ।  

Punjab

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ। ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ‘ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਸ. ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੀ ਜਾਵੇ ਅਤੇ ਲੰਬਿਤ ਪਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ। ਪ੍ਰੋਗਰਾਮ ਦੇ ਅੰਤ ਵਿੱਚ ਲੋਕਾਂ ਨੇ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ ‘ਤੇ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ। ਇਸ ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।  

Punjab

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

ਚੰਡੀਗੜ੍ਹ, 5 ਜੂਨ– ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾਵੇਸ਼ੀ ਅਤੇ ਅੱਪ ਟੂ ਡੇਟ ਹੋਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪੂਰਨ ਅਖੰਡਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਕਰਮਚਾਰੀ ਅਤੇ ਨਵੀਨਤਕਨਾਲੋਜੀ ਦੀ ਰਣਨੀਤਕ ਵਰਤੋਂ ਬੁਨਿਆਦੀ ਪਹਿਲੂ ਹਨ। ਤਕਨੀਕੀ ਸੈਸ਼ਨਾਂ ਦੀ ਅਗਵਾਈ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਈ.ਟੀ. ਮਾਹਿਰਾਂ ਨੇ ਕੀਤੀ। ਭਾਰਤੀ ਚੋਣ ਕਮਿਸ਼ਨ ਦੇ ਮੁੱਖ ਭਾਗੀਦਾਰਾਂ ਅਤੇ ਫੈਸਿਲੀਟੇਟਜ਼ ਵਿੱਚ ਡਾ. ਸੀਮਾ ਖੰਨਾ ਅਤੇ ਤਕਨੀਕੀ ਮਾਹਿਰਾਂ ਦੀ ਇੱਕ ਵਿਸ਼ੇਸ਼ ਟੀਮ ਸ਼ਾਮਲ ਸੀ। ਸੈਸ਼ਨ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਨੂੰ ਪੂਰੀ ਤਰ੍ਹਾਂ ਪੇਸ਼ੇਵਰ, ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਢੰਗ ਨਾਲ ਲਾਗੂ ਕਰਨ ਸਬੰਧੀ ਸੂਬੇ ਦੇ ਚੋਣ ਅਮਲੇ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।  

Punjab

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 5 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ। ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਚੱਲ ਰਹੇ ਹਰੇਕ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰਨ ਅਤੇ ਹਰੇਕ ਪ੍ਰੋਜੈਕਟ ਲਈ ਰੋਜ਼ਾਨਾ ਆਧਾਰ ’ਤੇ ਪ੍ਰਗਤੀ ਦੀ ਮਾਨੀਟ੍ਰਿਗ ਸ਼ੀਟ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਕੰਮ ਸਮਾਂ-ਸੀਮਾ ਤੋਂ ਨਾ ਖੁੰਝੇ । ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਲੁੱਕ ਅਤੇ ਹੋਰ ਸਾਰੀ ਲੋੜੀਂਦੀ ਉਸਾਰੀ ਸਮੱਗਰੀ ਦਾ ਭੰਡਾਰਣ ਕਰ ਕੇ ਕੰਮਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨਾ  ਯਕੀਨੀ ਬਣਾਇਆ ਜਾਵੇ। ਕੁਆਲਿਟੀ ਕੰਟਰੋਲ ’ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੰਗੀ ਮਿਆਰ ਦੇ ਕੰਮ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਸਰਕਾਰ ਦੀ ਜ਼ੀਰੋ ਟੋਲਰਸ ਨੀਤੀ ਬਾਰੇ ਆਗਾਹ ਕੀਤਾ ਤਾਂ ਜੋ ਲੋਕਾਂ ਦਾ ਪੈਸਾ ਕਿਸੇ ਵੀ ਰੂਪ ਵਿੱਚ ਬਰਬਾਦ ਨਾ ਹੋਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀਆਂ ਵੱਲੋਂ ਹਰ ਪੱਧਰ ’ਤੇ ਨਿਰੰਤਰ ਜਾਂਚ ਅਤੇ ਨਿਰੀਖਣ ਕੀਤਾ ਜਾਵੇ ਤਾਂ ਜੋ ਜ਼ਮੀਨੀ ਪੱਧਰ ’ਤੇ ਉੱਚ ਮਿਆਰਾਂ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਪੜਾਅ ’ਤੇ ਲੋੜੀਂਦੇ ਸਾਈਨ ਬੋਰਡ, ਲੇਨ ਮਾਰਕਿੰਗ ਅਤੇ ਕੁਆਲਿਟੀ ਕੰਟਰੋਲ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਈਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ  ਕੋਈ ਦੇਰੀ ਨਾ ਹੋਵੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਦੀ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ ਅਤੇ ਮੀਟਿੰਗ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਦਾ ਜਾਇਜ਼ਾ ਵੀ ਲੈਣਗੇ। ਮੀਟਿੰਗ ਵਿੱਚ ਹਾਜ਼ਰ ਮਹਿਕਮੇ ਦੇ ਅਧਿਕਾਰੀਆਂ ਵਿੱਚ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸਦੀਪ ਸਿੰਘ ਅਤੇ ਸਾਰੇ ਸੁਪਰੀਟੈਂਡਟ ਇੰਜੀਨੀਅਰ ਸ਼ਾਮਿਲ ਸਨ।  

Scroll to Top