Actionpunjab

Action Punjab Logo
Breaking News

Punjab

Punjab

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 3 ਅਪ੍ਰੈਲ:ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ  ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ।ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ  ਨਾਲ ਨਜਿੱਠਣ ਲਈ  ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ।  ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗਰਾਨੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਲਈ ਮੁਫ਼ਤ ਈਲੀਸਾ ਟੈਸਟਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਮਲੇਰੀਆ ਆਰਡੀਟੀ ਅਤੇ ਡੇਂਗੂ ਟੈਸਟਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਵਿਭਾਗ ਦੇ ਯੋਗਦਾਨ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2021 ਵਿੱਚ ਡੇਂਗੂ ਦੇ 23,389 ਕੇਸ ਸਾਹਮਣੇ ਆਏ ਸਨ, ਜੋ ਸਾਲ 2025 ਵਿੱਚ ਘਟ ਕੇ  ਸਿਰਫ਼ 4,981 ਰਹਿ ਗਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਸਬੰਧਤ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਸਿਰਫ਼ 8 ਰਹਿ ਗਈ ਹੈ। ਮੰਤਰੀ ਨੇ ਕਿਹਾ ਕਿ ਮੌਤ ਦਰ ਅਤੇ ਬਿਮਾਰੀ ਦੇ ਫੈਲਾਅ ਵਿੱਚ ਆਈ ਇਹ ਮਹੱਤਵਪੂਰਨ ਗਿਰਾਵਟ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੀ  ਨਿਗਰਾਨੀ ਅਤੇ ਪਿਛਲੇ ਟਰਾਂਸਮਿਸ਼ਨ ਸੀਜ਼ਨ ਦੌਰਾਨ 15 ਮਿਲੀਅਨ ਫੇਰੀਆਂ ਦੀ ਰਣਨੀਤਕ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ।ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ – ਜੋ ਹਰ ਸ਼ੁੱਕਰਵਾਰ ਸਵੇਰੇ 8:00 ਵਜੇ ਤੋਂ ਸਵੇਰੇ 9:00 ਵਜੇ ਤੱਕ ਚਲਾਈ ਜਾਂਦੀ ਹੈ – ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਮਲ ਕਰਕੇ ਇਸਨੂੰ  ਜਨ ਅੰਦੋਲਨ ਬਣਾਇਆ ਜਾਵੇ ਤਾਂ  ਕੂਲਰਾਂ, ਗਮਲਿਆਂ ਅਤੇ ਓਵਰਹੈੱਡ ਟੈਂਕਾਂ ਵਿੱਚ ਖੜ੍ਹਾ ਪਾਣੀ,ਜੋ  ਮੱਛਰਾਂ ਦੀਆਂ ਪ੍ਰਜਨਨ ਥਾਵਾਂ ਹਨ, ਦੀ ਪਛਾਣ ਕਰਕੇ ਉਨ੍ਹਾਂ ਨੂੰ ਖਤਮ ਕੀਤਾ ਜਾ ਸਕੇ।  ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਡੇਂਗੂ ਕਦੇ ਮੁੱਖ ਤੌਰ ’ਤੇ ਸ਼ਹਿਰੀ ਖ਼ਤਰਾ ਸੀ ਪਰ 2025 ਵਿੱਚ ਲਗਭਗ 42 ਫੀਸਦ ਮਾਮਲੇ ਪੇਂਡੂ ਖੇਤਰਾਂ ਤੋਂ ਰਿਪੋਰਟ ਕੀਤੇ ਗਏ, ਜਿਸ ਕਾਰਨ ਫੋਗਿੰਗ, ਪਿੰਡਾਂ ਦੇ ਛੱਪੜਾਂ ਵਿੱਚ ਲਾਰਵੀਸਾਈਡਲ ਸਪਰੇਅ ਅਤੇ ਮੱਛਰਾਂ ਦੇ ਕੰਟਰੋਲ ਲਈ ਗੈਂਬੂਸੀਆ ਮੱਛੀ ਛੱਡਣ ਵੱਲ ਧਿਆਨ ਕੇਂਦਰਿਤ ਕਰਨ ਦੀ ਬਹੁਤ ਲੋੜ ਹੈ।ਜ਼ੂਨੋਟਿਕ ਖਤਰਿਆਂ ’ਤੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਨੇ ਰਾਸ਼ਟਰੀ ਰੇਬੀਜ਼ ਕੰਟਰੋਲ ਪ੍ਰੋਗਰਾਮ ’ਤੇ ਚਰਚਾ ਕੀਤੀ ਅਤੇ ਕਿਹਾ ਕਿ ਰਾਜ ਭਰ ਵਿੱਚ 746 ਸਰਕਾਰੀ ਸਿਹਤ ਸਹੂਲਤਾਂ ਵਿੱਚ ਐਂਟੀ-ਰੇਬੀਜ਼ ਟੀਕੇ ਉਪਲਬਧ ਹਨ, ਵਿਭਾਗਾਂ ਨੂੰ ਕੁੱਤਿਆਂ ਦੀ ਆਬਾਦੀ ਵਿੱਚ 70 ਫੀਸਦ ਹਰਡ ਇਮਿਊਨਿਟੀ ਲਈ ਜ਼ਿਲ੍ਹਾ-ਵਾਰ ਪਸ਼ੂ ਜਨਮ ਨਿਯੰਤਰਣ ਸਹੂਲਤਾਂ ਦੀ ਸਿਰਜਣਾ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੰਟੀਗ੍ਰੇਟਡ ਡਿਜ਼ੀਜ਼ ਸਰਵੀਲੈਂਸ ਪ੍ਰੋਗਰਾਮ ਹੁਣ ਬਿਮਾਰੀ ਦੇ ਫੈਲਾਅ ਦੀ ਅਸਲ-ਸਮੇਂ ਦੀ ਰਿਪੋਰਟਿੰਗ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰ ਸਾਰੀਆਂ ਨੋਟੀਫਾਈਬਲ ਬਿਮਾਰੀਆਂ ਦੀ ਤੁਰੰਤ ਰਿਪੋਰਟ ਕਰਨ ਤਾਂ ਜੋ ਸੂਬੇ ਵਿੱਚ ਸਮੇਂ ਸਿਰ ਉਪਚਾਰਕ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਸਕਣ।ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ 100 ਫੀਸਦ ਕਲੋਰੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਹੈਪੇਟਾਈਟਸ ਏ, ਈ, ਡਾਇਰੀਆ ਅਤੇ ਹੈਜ਼ੇ ਦੇ ਪ੍ਰਕੋਪ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪਛਾਣੇ ਗਏ ਹੌਟਸਪੌਟਸ ’ਤੇ ਰੈਗੂਲਰ ਸੈਂਪਲਿੰਗ ਯਕੀਨੀ ਬਣਾਈ ਜਾਵੇ।  ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਹਾਲ ਹੀ ਵਿੱਚ ਫੈਲੀ ਲੈਪਟੋਸਪਾਇਰੋਸਿਸ ਦੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਇਸ ਪ੍ਰਕੋਪ ਦੇ ਕਾਰਨਾਂ ਦਾ ਪਤਾ ਲਗਾ ਕੇ ਇਸ ਸਬੰਧੀ ਢੁਕਵੇਂ ਸੁਧਾਰਾਂ ਨੂੰ ਯਕਾਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਾਲ ਪਿੰਡ ਦਾ ਦੌਰਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਕਿਸੇ ਵੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਅਜਿਹੇ ਮਾਮਲਿਆਂ ਵਿੱਚ ਮਾਡਲ ਐਸਓਪੀਜ਼ ਤਿਆਰ ਕੀਤੀ ਜਾਵੇਗੀ।ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਸਥਿਤੀ ਵਿੱਚ ਸੁਧਾਰ ਨੂੰ ਬਰਕਰਾਰ ਰੱਖਣ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਸ਼ਾਪਾਂ ਨੂੰ ਏਡੀਜ਼ ਮੱਛਰ ਲਈ ਬਰੀਡਿੰਗ ਗਰਾਊਂਡ ਬਣਦੇ ਟਾਇਰਾਂ ਅਤੇ ਵਾਹਨਾਂ ਦੇ ਕਬਾੜ ਹੋਏ ਪੁਰਜ਼ਿਆਂ ਦੇ ਸਮੇਂ ਸਿਰ ਨਿਬੇੜੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸਾਲ 2026 ਵਿੱਚ ਬਿਮਾਰੀ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈ.ਐੱਸ.ਆਈ.) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ ਡਾ. ਮੰਜੂ ਬਾਂਸਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਡਾ. ਅਰਸ਼ਦੀਪ ਕੌਰ, ਡਾ. ਪ੍ਰਭਲੀਨ ਕੌਰ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ। 

Punjab

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਅਪ੍ਰੈਲ :ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਬਰਨਾਲਾ ਦੇ 70, ਬਠਿੰਡਾ ਦੇ 253, ਫਰੀਦਕੋਟ ਦੇ 13, ਫਿਰੋਜ਼ਪੁਰ ਦੇ 38, ਸ੍ਰੀ ਫਤਹਿਗੜ੍ਹ ਸਾਹਿਬ ਦੇ 72, ਗੁਰਦਾਸਪੁਰ ਦੇ 211, ਹੁਸ਼ਿਆਰਪੁਰ ਦੇ 267, ਲੁਧਿਆਣਾ ਦੇ 134 ਅਤੇ ਮਾਨਸਾ ਦੇ 275 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਦੇ 43, ਪਟਿਆਲਾ ਦੇ 129, ਪਠਾਨਕੋਟ ਦੇ 212, ਰੂਪਨਗਰ ਦੇ 336, ਐਸ.ਏ.ਐਸ. ਨਗਰ ਦੇ 163, ਐਸ.ਬੀ.ਐਸ. ਨਗਰ ਦੇ 29, ਸੰਗਰੂਰ ਦੇ 79, ਮਾਲੇਰਕੋਟਲਾ ਦੇ 171 ਅਤੇ ਤਰਨਤਾਰਨ ਦੇ 199 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲਦੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣ ਦੀ ਸਥਿਤੀ ਵਿੱਚ ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹੁੰਦੀਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾਂਦੀ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 

Punjab

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੈ ਅਤੇ ਹੁਣ ਆਮ ਨਾਗਰਿਕਾਂ ਨੂੰ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੇਵਾ ਕੇਂਦਰਾਂ ‘ਤੇ ਮਹੀਨਾ ਆਧਾਰ ‘ਤੇ 30 ਲੱਖ ਨਾਗਰਿਕਾਂ ਦੀ ਪਹੁੰਚ ਅਤੇ 8.20 ਕਰੋੜ ਤੋਂ ਵੱਧ ਸੇਵਾਵਾਂ ਦੀ ਡਲਿਵਰੀ ਦੇ ਨਾਲ ਡਿਜੀਟਲ ਪੰਜਾਬ ਵੱਲ ਤੇਜ਼ੀ ਨਾਲ ਕਦਮ ਵਧਾਉਣ ਪਾਰਦਰਸ਼ੀ ਪ੍ਰਸ਼ਾਸਨ, ਹੁਨਰ ਵਿਕਾਸ ਅਤੇ ਪ੍ਰਣਾਲੀਗਤ ਸੁਧਾਰਾਂ ਵੱਲ ਵਿਆਪਕ ਸੁਧਾਰਾਂ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਹੈ।  ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ, ਜਿਸ ਨੇ ਆਪਣੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।  ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 16,308 ਨੌਕਰੀਆਂ, ਪੰਜਾਬ ਪੁਲਿਸ ਵਿੱਚ 12,966 ਨੌਕਰੀਆਂ, ਬਿਜਲੀ ਵਿਭਾਗ ਵਿੱਚ 8,765 ਨੌਕਰੀਆਂ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5771 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੋਂ ‘ਚੋਂ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ। ਭਰਤੀ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਉਮੀਦਵਾਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਵਾਰ ਨੌਕਰੀਆਂ ਵੀ ਮਿਲੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨ ਇਹ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਕੇ ਵਾਪਸ ਆਏ ਹਨ।  ਉਨ੍ਹਾਂ ਕਿਹਾ ਕਿ ਪਹਿਲਾਂ ਅਦਾਲਤਾਂ ਵਿੱਚ ਚੁਣੌਤੀ ਦੇ ਚਲਦਿਆਂ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਹੋਣ ਆਮ ਗੱਲ ਸੀ, ਜਿਸ ਦੇ ਚਲਦਿਆਂ ਅਕਸਰ ਕਈ ਉਮੀਦਵਾਰ ਦੀ ਉਮਰ ਨਿਰਧਾਰਤ ਸੀਮਾ ਤੋਂ ਪਾਰ ਲੰਘ ਜਾਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਆਈਲੈਟਸ ਸੈਂਟਰਾਂ ਵਿੱਚ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਮੌਜੂਦਾ ਗਵਰਨੈਂਸ ਮਾਡਲ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਬਜਾਏ ਆਪਣੇ ਹੀ ਪਰਿਵਾਰਾਂ ਦਾ ਪੱਖ ਪੂਰਿਆ ਪਰ ਸੂਬਾ ਸਰਕਾਰ ਨੇ ਸਭ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚਲਦਿਆਂ ਪ੍ਰਾਈਵੇਟ ਕੰਪਨੀਆਂ ਵਿੱਚ ਵੀ ਸੱਤ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ।  ਉਨ੍ਹਾਂ ਅੱਗੇ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ਵਿੱਚ ਪੰਜ ਬਹੁ-ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ 1.25 ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 73,250 ਨੂੰ ਰੋਜ਼ਗਾਰ ਵੀ ਮਿਲ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਈਕਰੋਸਾਫਟ ਅਤੇ ਆਈਬੀਐਮ ਵਰਗੀਆਂ ਕੰਪਨੀਆਂ ਨਾਲ ਏਆਈ, ਸਾਈਬਰ ਸੁਰੱਖਿਆ ਅਤੇ ਕਲਾਉਡ ਤਕਨਾਲੋਜੀ ਵਿੱਚ ਸਿਖਲਾਈ ਲਈ ਐਮ.ਓ.ਯੂ. ਸਾਈਨ ਕੀਤੇ ਗਏ ਹਨ। ਰੋਜ਼ਗਾਰ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1,799 ਸਵੈ-ਰੁਜ਼ਗਾਰ ਕੈਂਪਾਂ ਨੇ 1,99,000 ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਹਾਸਲ ਕਰਨ ਵਿੱਚ ਮਦਦ ਕੀਤੀ ਅਤੇ 6,724 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਨੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ।  ਉਨ੍ਹਾਂ ਅੱਗੇ ਕਿਹਾ ਕਿ 11 ਸਿਖਲਾਈ ਕੇਂਦਰਾਂ ਦਾ ਆਧੁਨਿਕੀਕਰਨ ਕਰਨ ਦੇ ਨਾਲ-ਨਾਲ ਤਿੰਨ ਨਵੇਂ ਕੈਂਪ ਸਥਾਪਿਤ ਕੀਤੇ ਗਏ ਹ  ਅਤੇ ਅੱਗੇ ਕਿਹਾ ਕਿ 36,342 ਨੌਜਵਾਨਾਂ ਨੂੰ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 5,509 ਭਰਤੀ ਹੋ ਚੁੱਕੇ ਹਨ। ਰੱਖਿਆ ਸਿਖਲਾਈ ਸੰਸਥਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 218 ਲੜਕਿਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 106 ਐੱਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਅਤੇ 85 ਕਮਿਸ਼ਨਡ ਅਫਸਰ ਬਣ ਗਏ ਹਨ, ਜਦੋਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 199 ਲੜਕੀਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 24 ਕਮਿਸ਼ਨਡ ਅਫਸਰ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਲਦੀ ਹੀ ਇੱਕ ਨਵਾਂ ਇੰਸਟੀਚਿਊਟ ਸ਼ੁਰੂ ਕੀਤਾ ਜਾਵੇਗਾ। ਡਿਜੀਟਲ ਗਵਰਨੈਂਸ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਡਿਜੀਟਲ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ ਕਿਉਂਕਿ 544 ਸੇਵਾ ਕੇਂਦਰ 465 ਤੋਂ ਵੱਧ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 30 ਲੱਖ ਲੋਕ ਇਨ੍ਹਾਂ ਕੇਂਦਰਾਂ ਤੋਂ ਹਰ ਮਹੀਨੇ ਸੇਵਾਵਾਂ ਲੈ ਰਹੇ ਹਨ, ਭਾਵ ਰੋਜ਼ਾਨਾ ਇੱਕ ਲੱਖ ਲੋਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਤੱਕ 8,20 ਕਰੋੜ ਡਿਜੀਟਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਨਮ, ਮੌਤ ਅਤੇ ਵਿਆਹ ਵਰਗੇ ਸਰਟੀਫਿਕੇਟ ਐਸਐਮਐਸ ਅਤੇ ਵਟਸਐਪ ਰਾਹੀਂ ਭੇਜੇ ਜਾ ਰਹੇ ਹਨ ਅਤੇ ਇੱਕ ਕਰੋੜ ਤੋਂ ਵੱਧ ਸਰਟੀਫਿਕੇਟ ਡਿਜੀਟਲ ਰੂਪ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸੇਵਾਵਾਂ ਦੀ ਬਕਾਇਆ ਦਰ ਵਿੱਚ ਭਾਰੀ ਕਮੀ ਆਈ ਹੈ, ਜੋ 14 ਫੀਸਦ ਤੋਂ ਘਟ ਕੇ ਸਿਰਫ 0.52 ਫੀਸਦ ਰਹਿ ਗਈ ਹੈ।” ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਸਕੀਮ ਦਸੰਬਰ 2023 ਵਿੱਚ ਲੁਧਿਆਣਾ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਾਗਰਿਕ 1076 ਹੈਲਪਲਾਈਨ ਰਾਹੀਂ ਘਰ ਬੈਠੇ 437 ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਦਫ਼ਤਰਾਂ ‘ਚ ਜਾ ਕੇ ਆਪਣਾ ਕੰਮ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਵਧੇਰੇ ਮਦਦਗਾਰ ਸਾਬਤ ਹੋ ਰਹੀ ਹੈ

Punjab

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

ਚੰਡੀਗੜ੍ਹ, 3 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ।ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।ਇਸ ਦੌਰਾਨ ਪੁਲਿਸ ਟੀਮਾਂ ਨੇ 398ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਜਾਰੀ ਰੱਖਦਿਆਂ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.3 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 3.5 ਕਿਲੋ ਭੁੱਕੀ, 421 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ਼ 398 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,806 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਸੰਗਰੂਰ, 03 ਅਪ੍ਰੈਲਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ।ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ ‘ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਵੱਖ-ਵੱਖ ਮਡਿਊਲਜ਼ ‘ਤੇ ਵਿਸਥਾਰਪੂਰਵਕ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਹਾਊਸ ਲਿਸਟਿੰਗ ਪ੍ਰਕਿਰਿਆ, ਡਿਜਿਟਲ ਮੋਡ ਵਿੱਚ ਸੈਂਸਜ ਲਈ CMMS ਪੋਰਟਲ ਅਤੇ HLO ਵੈੱਬ Application ਸਬੰਧੀ ਹਦਾਇਤਾਂ ਅਤੇ ਸੁਪਰਵਾਈਜ਼ਰਾਂ, ਗਿਣਤੀਕਾਰ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਸਨ।ਟ੍ਰੇਨਰਾਂ ਨੇ ਭਾਗੀਦਾਰਾਂ ਨਾਲ ਫੀਲਡ ਪੱਧਰ ਦੀਆਂ ਸਮੱਸਿਆਵਾਂ, ਕਾਗਜ਼ੀ ਕਾਰਵਾਈ,ਟਾਈਮਲਾਈਨ ਅਤੇ ਡਿਜਿਟਲ ਟੂਲਾਂ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ। ਫੀਲਡ ਟ੍ਰੇਨਰਾਂ ਵਿਚੋਂ ਸੁਪਰਵਾਈਜ਼ਰਜ਼ ਅਤੇ ਗਿਣਤੀਕਾਰਾਂ ਦੀਆਂ ਟੀਮਾਂ ਬਣਾ ਕੇ ਫੀਲਡ ਵਿੱਚ HLO app ‘ਤੇ ਪ੍ਰੈਕਟਿਸ ਵੀ ਕਰਵਾਈ ਗਈ।ਇਸ ਮੌਕੇ ਵਧੀਕ ਜ਼ਿਲ੍ਹਾ ਸੈਂਸਜ ਅਫਸਰ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੰਗਰੂਰ ਅਤੇ ਦਫਤਰ ਡਾਇਰੈਕਟੋਰੇਟ ਸੈਂਸਜ ਆਪਰੇਸ਼ਨਜ ਪੰਜਾਬ ਵੱਲੋਂ ਸ਼੍ਰੀ ਵਿਵੇਕ ਸਿੰਘ ਵੱਲੋਂ ਟ੍ਰੇਨਿੰਗ ਦੀ ਮਹੱਤਤਾ, ਫੀਲਡ ਤਿਆਰੀ ਅਤੇ ਮਰਦਮਸ਼ੁਮਾਰੀ ਦੌਰਾਨ ਨਿਯਮਾਂ ਦੀ ਪਾਲਣਾ ‘ਤੇ ਜ਼ੋਰ ਦਿੰਦਿਆਂ ਫੀਲਡ ਟ੍ਰੇਨਰਾਂ ਨੂੰ ਫੀਲਡ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵਧੀਆ ਅਤੇ ਸੁਚਾਰੂ ਢੰਗ ਨਾਲ ਟ੍ਰੇਨਿੰਗ ਦੇਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ -ਕਮ- ਜ਼ਿਲ੍ਹਾ ਸੈਂਸਜ ਅਫਸਰ, ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ, ਜ਼ਿਲ੍ਹਾ ਸੈਂਸਜ ਦਫਤਰ ਤੋਂ ਸੁਪਰਡੈਂਟ ਅਸ਼ੋਕ ਕੁਮਾਰ ਸਮੇਤ ਵੱਖ ਵੱਖ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।  

Punjab

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ:ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ।ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, “ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।ਉਹਨਾਂ ਅੱਗੇ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ, ਜਿਸ ਨਾਲ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ।ਇਸ ਮੌਕੇ ਹਾਜ਼ਰ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ।ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ ਝਲਕ ਰਹੀ ਸੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ।ਇਸ ਮੌਕੇ ਤਹਿਸੀਲ ਪ੍ਰਸ਼ਾਸਨ ਦੇ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।  

Punjab

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – 'ਆਪ'

ਨਵੀਂ ਦਿੱਲੀ, 03 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ ‘ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ ‘ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ? ਭਗਵੰਤ ਸਿੰਘ ਮਾਨ ਨੇ ਰਾਘਵ ਚੱਢਾ ਦੇ ਮੁੱਦੇ ‘ਤੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ। ਪਾਰਟੀਆਂ ਅਜਿਹੇ ਫੈਸਲੇ ਲੈਂਦੀਆਂ ਰਹਿੰਦੀਆਂ ਹਨ ਅਤੇ ਸੰਸਦ ਵਿੱਚ ਆਪਣੇ ਨੇਤਾ ਅਤੇ ਉਪ-ਨੇਤਾ ਬਦਲਦੀਆਂ ਰਹਿੰਦੀਆਂ ਹਨ। ਜਦੋਂ ਮੈਂ ਪਹਿਲੀ ਵਾਰ ਚੋਣ ਜਿੱਤੀ ਸੀ, ਉਸ ਸਮੇਂ ਪਾਰਟੀ ਨੇ ਡਾ. ਗਾਂਧੀ ਨੂੰ ਨੇਤਾ ਬਣਾਇਆ ਸੀ। ਕੁਝ ਸਮੇਂ ਬਾਅਦ ਮੈਂ ਵੀ ਪਾਰਲੀਮੈਂਟ ਬੋਰਡ ਦਾ ਨੇਤਾ ਬਣਿਆ। ਇਹ ਪਾਰਟੀ ਦਾ ਫੈਸਲਾ ਹੈ ਅਤੇ ਅਜਿਹੇ ਛੋਟੇ-ਛੋਟੇ ਫੈਸਲੇ ਹੁੰਦੇ ਰਹਿੰਦੇ ਹਨ। ਕਈ ਵਾਰ ਲੋਕ ਸਭਾ ਅਤੇ ਰਾਜ ਸਭਾ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਮਤ ਹੋ ਕੇ ਫੈਸਲਾ ਲੈਣਾ ਪੈਂਦਾ ਹੈ, ਜਿਵੇਂ ਕਿ ਸਦਨ ਤੋਂ ਵਾਕਆਊਟ ਕਰਨਾ ਜਾਂ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ। ਜੇਕਰ ਕੋਈ ਵਿਅਕਤੀ ਇਹਨਾਂ ਸਮੂਹਿਕ ਫੈਸਲਿਆਂ ਦਾ ਸਮਰਥਨ ਨਹੀਂ ਕਰਦਾ ਅਤੇ ਪਾਰਟੀ ਲਾਈਨ ਦੇ ਉਲਟ ਜਾਂਦਾ ਹੈ, ਤਾਂ ਉਹ ਪਾਰਟੀ ਵਿ੍ਪ ਦੇ ਖਿਲਾਫ ਹੈ। ਜੋ ਵੀ ਪਾਰਟੀ ਵਿ੍ਪ ਦੇ ਖਿਲਾਫ ਜਾਵੇਗਾ, ਉਸ ‘ਤੇ ਕਾਰਵਾਈ ਹੋਵੇਗੀ। ‘ਆਪ’ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਾਂ ਅਤੇ ਅਸੀਂ ਅਰਵਿੰਦ ਕੇਜਰੀਵਾਲ ਤੋਂ ਇੱਕੋ ਗੱਲ ਸਿੱਖੀ ਹੈ – ਨਿਡਰਤਾ, ਹਿੰਮਤ ਅਤੇ ਸਾਹਸ ਨਾਲ ਲੜਨਾ ਅਤੇ ਸੰਘਰਸ਼ ਕਰਨਾ। ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦੇ ਕਈ ਮੁੱਦਿਆਂ ‘ਤੇ ਜਦੋਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਸਤਾਵ ਆਉਂਦਾ ਹੈ, ਤਾਂ ਰਾਘਵ ਚੱਢਾ ਉਸ ‘ਤੇ ਹਸਤਾਖਰ ਨਹੀਂ ਕਰਦੇ। ਪੱਛਮੀ ਬੰਗਾਲ ਵਿੱਚ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਖੋਹੇ ਜਾ ਰਹੇ ਹਨ। ਦਿੱਲੀ ਵਿੱਚ ਅਸੀਂ ਦੇਖਿਆ ਕਿ ਚੋਣ ਕਮਿਸ਼ਨ ਦੀ ਦੁਰਵਰਤੋਂ ਕਿਵੇਂ ਹੋਈ। ਜਦੋਂ ਪੰਜਾਬ ਦਾ ਮੁੱਦਾ ਹੁੰਦਾ ਹੈ, ਤਾਂ ਉਹ ਉਸ ਸਮੇਂ ਖਾਮੋਸ਼ ਰਹਿੰਦੇ ਹਨ, ਕੁਝ ਨਹੀਂ ਬੋਲਦੇ। ਉਹ ਪ੍ਰਧਾਨ ਮੰਤਰੀ ਮੋਦੀ ਖਿਲਾਫ ਆਵਾਜ਼ ਨਹੀਂ ਉਠਾਉਂਦੇ। ਸੰਜੇ ਸਿੰਘ ਨੇ ਅੱਗੇ ਕਿਹਾ ਕਿ ਜਨਹਿਤ ਨਾਲ ਜੁੜੇ ਮੁੱਦੇ, ਜੋ ਦੇਸ਼, ਆਮ ਆਦਮੀ ਪਾਰਟੀ ਅਤੇ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ, ਉਨ੍ਹਾਂ ‘ਤੇ ਰਾਘਵ ਚੱਢਾ ਚੁੱਪ ਰਹਿੰਦੇ ਹਨ। ਗੁਜਰਾਤ ਵਿੱਚ ‘ਆਪ’ ਵਰਕਰਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਹ ਉਸ ‘ਤੇ ਨਹੀਂ ਬੋਲਦੇ। ਮੋਦੀ ਸਰਕਾਰ ਪੰਜਾਬ ਦੇ ਤਮਾਮ ਅਧਿਕਾਰ ਖੋਹਣ ਦਾ ਕੰਮ ਕਰਦੀ ਹੈ, ਉਸ ‘ਤੇ ਵੀ ਉਹ ਕੁਝ ਨਹੀਂ ਬੋਲਦੇ। ਜਦੋਂ ਬਹੁਤ ਸਾਰੇ ਮੁੱਦਿਆਂ ‘ਤੇ ਸਦਨ ਤੋਂ ਵਾਕਆਊਟ ਕਰਨ ਦੀ ਗੱਲ ਆਉਂਦੀ ਹੈ, ਤਾਂ ਉਹ ਵਾਕਆਊਟ ਨਹੀਂ ਕਰਦੇ। ਇਹ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਦਾ ਜਵਾਬ ਦੇਸ਼ ਅਤੇ ਜਨਤਾ ਰਾਘਵ ਚੱਢਾ ਤੋਂ ਚਾਹੁੰਦੀ ਹੈ। ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਘਵ ਚੱਢਾ ਨੂੰ ਕਿਹਾ ਕਿ ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ ਅਤੇ ਅਸੀਂ ਇੱਕੋ ਗੱਲ ਸਿੱਖੀ ਹੈ ਕਿ “ਜੋ ਡਰ ਗਿਆ, ਸਮਝੋ ਮਰ ਗਿਆ।” ਅਸੀਂ ਸਾਰਿਆਂ ਨੇ ਸਰਕਾਰ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਜਨਤਾ ਦੇ ਮੁੱਦੇ ਚੁੱਕਣੇ ਸੀ। ਪਿਛਲੇ ਕੁਝ ਦਿਨਾਂ ਵਿੱਚ ਅਸੀਂ ਦੇਖਿਆ ਹੈ ਕਿ ਜੋ ਵੀ ਵਿਅਕਤੀ ਸਰਕਾਰ ਵਿਰੁੱਧ ਗੰਭੀਰ ਮੁੱਦੇ ਚੁੱਕਦਾ ਹੈ, ਸਰਕਾਰ ਤੋਂ ਸਵਾਲ ਪੁੱਛਦਾ ਹੈ ਅਤੇ ਲੋਕਾਂ ਦੀ ਗੱਲ ਕਰਦਾ ਹੈ, ਸਰਕਾਰ ਇੱਕ ਤਾਨਾਸ਼ਾਹ ਵਾਂਗ ਉਸਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬੈਨ ਕਰ ਰਹੀ ਹੈ। ਚਾਹੇ ਉਹ ਐਕਸ (ਟਵਿੱਟਰ) ਹੋਵੇ, ਫੇਸਬੁੱਕ ਹੋਵੇ ਜਾਂ ਯੂਟਿਊਬ, ਹਰ ਜਗ੍ਹਾ ਬੈਨ ਕੀਤਾ ਜਾ ਰਿਹਾ ਹੈ। ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਮੁਕੱਦਮੇ ਚਲਾਏ ਜਾ ਰਹੇ ਹਨ। ਸੌਰਭ ਭਾਰਦਵਾਜ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਸੰਸਦ ਵਿੱਚ ਆਪਣਾ ‘ਸੌਫਟ ਪੀਆਰ’ ਕਰੇ। ਸੰਸਦ ਵਿੱਚ ਇੱਕ ਛੋਟੀ ਜਿਹੀ ਪਾਰਟੀ ਕੋਲ ਬਹੁਤ ਸੀਮਤ ਸਮਾਂ ਹੁੰਦਾ ਹੈ। ਉਸ ਵਿੱਚ ਜੇਕਰ ਕੋਈ ਸਮੋਸਿਆਂ ਦੀ ਗੱਲ ਕਰ ਰਿਹਾ ਹੈ, ਤਾਂ ਉਸ ਤੋਂ ਕਿਤੇ ਜ਼ਿਆਦਾ ਜ਼ਰੂਰੀ ਹੈ ਕਿ ਦੇਸ਼ ਦੇ ਵੱਡੇ ਮੁੱਦਿਆਂ ਨੂੰ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਹਰ ਸੂਬੇ ਵਿੱਚ ਅਸੀਂ ਦੇਖਿਆ ਹੈ ਕਿ ਚੋਣਾਂ ਤੋਂ ਪਹਿਲਾਂ ਸਹੀ ਲੋਕਾਂ ਦੀਆਂ ਵੋਟਾਂ ਕੱਟੀਆਂ ਜਾਂਦੀਆਂ ਹਨ ਅਤੇ ਜਾਅਲੀ ਵੋਟਾਂ ਬਣਾ ਕੇ ਸਰਕਾਰ ਪੂਰੀ ਬੇਈਮਾਨੀ ਨਾਲ ਸਿਸਟਮ ‘ਤੇ ਕਬਜ਼ਾ ਕਰਕੇ ਚੋਣਾਂ ਜਿੱਤ ਰਹੀ ਹੈ। ਪੱਛਮੀ ਬੰਗਾਲ ਵਿੱਚ ਵੀ ਇਹੀ ਹੋ ਰਿਹਾ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਹੁਣੇ ਹੀ ਸਾਰੀਆਂ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ‘ਤੇ ਮਹਾਂਦੋਸ਼ ਚਲਾਉਣ ਲਈ ਪ੍ਰਸਤਾਵ ਲਿਆਉਣਾ ਚਾਹੁੰਦੀਆਂ ਸਨ, ਪਰ ਤੁਸੀਂ (ਰਾਘਵ ਚੱਢਾ) ਉਸ ‘ਤੇ ਹਸਤਾਖਰ ਕਰਨ ਤੋਂ ਮਨ੍ਹਾ ਕਰ ਦਿੱਤਾ। ਜਦੋਂ ਵੀ ਅਜਿਹਾ ਕੋਈ ਮੁੱਦਾ ਆਉਂਦਾ ਹੈ ਜਿਸ ‘ਤੇ ਵਿਰੋਧੀ ਧਿਰ ਵਾਕਆਊਟ ਕਰਦੀ ਹੈ, ਤਾਂ ਤੁਸੀਂ ਵਾਕਆਊਟ ਨਹੀਂ ਕਰਦੇ। ਪਿਛਲੇ ਕਾਫੀ ਸਮੇਂ ਤੋਂ ਮੈਂ ਦੇਖਿਆ ਹੈ ਕਿ ਤੁਸੀਂ ਸਦਨ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਜਾਂ ਭਾਜਪਾ ਸਰਕਾਰ ਤੋਂ ਕੋਈ ਸਵਾਲ ਪੁੱਛਿਆ ਗਿਆ ਹੋਵੇ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ? ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਮੁੱਦੇ ਉਠਾਉਣੇ ਹਨ। ਜਿੱਥੋਂ ਤੁਸੀਂ ਚੁਣ ਕੇ ਆਏ ਹੋ, ਤੁਸੀਂ ਉਹਨਾਂ ਮੁੱਦਿਆਂ ਨੂੰ ਉਠਾਉਣ ਤੋਂ ਵੀ ਘਬਰਾਉਂਦੇ ਹੋ। ਹਾਲ ਹੀ ਵਿੱਚ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਕਰੀਬ 160 ਵਰਕਰਾਂ ‘ਤੇ ਝੂਠੇ ਕੇਸਾਂ ਤਹਿਤ ਐਫਆਈਆਰ ਦਰਜ ਕੀਤੀ ਗਈ, ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਪਰ ਤੁਸੀਂ ਉਸ ‘ਤੇ ਵੀ ਚੁੱਪ ਰਹੇ। ਆਮ ਆਦਮੀ ਪਾਰਟੀ ਦੇ ਕਈ ਆਗੂ ਜੇਲ੍ਹ ਵਿੱਚ ਸਨ। ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਸਰਕਾਰ ਨੇ ਇੱਕ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ, ਉਸ ਸਮੇਂ ਵੀ ਤੁਸੀਂ ਦੇਸ਼ ਵਿੱਚ ਨਹੀਂ ਸੀ ਅਤੇ ਕਿਤੇ ਜਾ ਕੇ ਲੁਕ ਗਏ ਸੀ। ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਦੇਸ਼ ਲਈ ਅਸਲੀ ਮੁੱਦੇ ਸਾਨੂੰ ਨਿਡਰਤਾ ਅਤੇ ਹਿੰਮਤ ਨਾਲ ਉਠਾਉਣੇ ਪੈਣਗੇ। ਭਾਜਪਾ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਮੁੱਦੇ ਉਠਾਉਣੇ ਪੈਣਗੇ। ਨਹੀਂ ਤਾਂ ਤੁਹਾਡੇ ਇਹਨਾਂ ਸੌਫਟ ਮੁੱਦਿਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਂਦਾ। ਸਗੋਂ ਭਾਜਪਾ ਤਾਂ ਵੀਰਵਾਰ ਤੋਂ ਤੁਹਾਨੂੰ ਸੋਸ਼ਲ ਮੀਡੀਆ ‘ਤੇ ਸਪੋਰਟ ਕਰ ਰਹੀ ਹੈ। ਤੁਸੀਂ ਇਸ ਬਾਰੇ ਸੋਚਿਓ ਅਤੇ ਦੇਖਿਓ ਕਿ ਤੁਸੀਂ ਕਿੱਥੋਂ ਚੱਲੇ ਸੀ ਅਤੇ ਕਿੱਥੇ ਆ ਗਏ ਹੋ। ਦੇਸ਼

Punjab

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਜਲੰਧਰ, 3 ਅਪ੍ਰੈਲ  2026 ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।  ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।  ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 

Punjab

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ-   ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਤਹਿਸੀਲਦਾਰ ਰੁਪਿੰਦਰ ਕੌਰ, ਪਟਵਾਰੀ ਪਰਮਿੰਦਰ ਸਿੰਘ, ਅਮਨਦੀਪ ਅਮਨਾ, ਰਾਜਾ ਸਿੰਘ ਚੰਨੂੰ, ਕਿਰਨਪਾਲ ਸਿੰਘ, ਜਸਕਰਨ ਸਿੰਘ ਜੱਸਾ, ਗੁਰਜੀਤ ਸਿੰਘ, ਡਾ.ਬਲਜਿੰਦਰ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ। 

Punjab

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜਨਮ ਉਤਸਵ ਮੌਕੇ ਕੋਟਲਾ ਆਸ਼ਰਮ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ 03 ਅਪ੍ਰੈਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵੱਲੋਂ ਬੀਤੀ ਸ਼ਾਮ ਹਨੂੰਮਾਨ ਜੈਯੰਤੀ ਦੇ ਪਵਿੱਤਰ ਅਵਸਰ ਅਤੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਦੇ ਜਨਮ ਦਿਨ ਮੌਕੇ ਸ਼੍ਰੀ ਰਾਧਾ ਕ੍ਰਿਸ਼ਨ ਆਸ਼ਰਮਕੋਟਲਾ ਪਾਵਰ ਹਾਊਸ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤਾਂ ਨਾਲ ਧਾਰਮਿਕ ਮਾਹੌਲ ਵਿੱਚ ਸਮਾਂ ਬਿਤਾਇਆ। ਆਸ਼ਰਮ ਵਿੱਚ ਹੋ ਰਹੀ ਧਾਰਮਿਕ ਗਤੀਵਿਧੀਆਂ ਅਤੇ ਸੇਵਾ ਭਾਵਨਾ ਦੀ ਉਨ੍ਹਾਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ।     ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਸਥਾਨ ਸਾਡੀ ਸੰਸਕ੍ਰਿਤੀ ਅਤੇ ਆਤਮਕ ਸ਼ਾਂਤੀ ਦੇ ਕੇਂਦਰ ਹਨ, ਜਿੱਥੇ ਲੋਕਾਂ ਨੂੰ ਸਹੀ ਜੀਵਨ ਜੀਊਣ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਹਮੇਸ਼ਾਂ ਅਜਿਹੇ ਸਥਾਨਾਂ ਦੀ ਵਿਕਾਸ ਅਤੇ ਸਹੂਲਤਾਂ ਵਧਾਉਣ ਲਈ ਯਤਨ ਕੀਤੇ ਜਾਂਦੇ ਹਨ ਤਾਂ ਜੋ ਸੰਗਤਾਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਉਹ ਅਰਾਮ ਨਾਲ ਸੇਵਾ-ਸਿਮਰਨ ਕਰ ਸਕਣ।  ਕੈਬਨਿਟ ਮੰਤਰੀ ਵੱਲੋਂ ਕੋਟਲਾ ਸਤਿਸੰਗ ਘਰ ਦੀ ਉੱਨਤੀ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ 5 ਲੱਖ ਰੁਪਏ ਦਾ ਪਹਿਲਾ ਚੈੱਕ ਬਾਬਾ ਜੀ ਦੇ ਚਰਨਾਂ ਵਿੱਚ ਨਿਵੇਦਨ ਕੀਤਾ। ਇਹ ਐਲਾਨ ਸੰਗਤਾਂ ਵੱਲੋਂ ਭਾਰੀ ਉਤਸ਼ਾਹ ਨਾਲ ਸਵੀਕਾਰਿਆ ਗਿਆ ਅਤੇ ਇਸ ਨਾਲ ਆਸ਼ਰਮ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫਤਾਰ ਮਿਲਣ ਦੀ ਉਮੀਦ ਜਤਾਈ ਗਈ।     ਸਮਾਗਮ ਦੌਰਾਨ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਬਾਬਾ ਜੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਗਿਆ, ਜਿਸ ਨੂੰ ਬਾਅਦ ਵਿੱਚ ਸੰਗਤਾਂ ਵਿੱਚ ਵੰਡਿਆ ਗਿਆ। ਸਾਰਾ ਮਾਹੌਲ ਭਗਤੀ ਅਤੇ ਖੁਸ਼ੀ ਨਾਲ ਭਰਪੂਰ ਰਿਹਾ। ਅੰਤ ਵਿੱਚ ਸਭ ਨੇ ਮਿਲ ਕੇ ਅਰਦਾਸ ਕੀਤੀ ਕਿ ਬਾਬਾ ਜੀ ਦਾ ਆਸ਼ੀਰਵਾਦ ਸਦਾ ਸਭ ‘ਤੇ ਬਣਿਆ ਰਹੇ ਅਤੇ ਸਮਾਜ ਵਿੱਚ ਚੜ੍ਹਦੀ ਕਲਾ ਅਤੇ ਭਾਈਚਾਰੇ ਦੀ ਭਾਵਨਾ ਬਣੀ ਰਹੇ।  

Scroll to Top