Actionpunjab

Action Punjab Logo
Breaking News

Punjab

Punjab

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ

ਚੰਡੀਗੜ੍ਹ, 15 ਜੂਨ-     ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ। ਉਹਨਾਂ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਅੱਧੀ ਰਾਤ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ, ਬਿਨਾਂ ਕਿਸੇ ਸਿੱਖ ਸੰਪਰਦਾ ਜਾਂ ਜਥੇਬੰਦੀ ਦੀ ਰਾਇ ਲਏ, ਇੱਕ ਅਜਿਹੀ ਜਗ੍ਹਾ ‘ਤੇ ਜੱਥੇਦਾਰ ਥਾਪ ਦਿੱਤਾ ਗਿਆ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਸੀ। ਅਜਿਹੇ ਵਿੱਚ ਉਹਨਾਂ ਦਾ ਬਾਦਲ ਪਰਿਵਾਰ ਪ੍ਰਤੀ ਵਫ਼ਾਦਾਰੀ ਨਿਭਾਉਣਾ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਣਾ, ਇਹਨਾਂ ਮਹਾਨ ਸਿੱਖ ਸੰਸਥਾਵਾਂ ਦੇ ਸਿਆਸੀਕਰਨ ਦਾ ਜਿਉਂਦਾ-ਜਾਗਦਾ ਸਬੂਤ ਹੈ। ਬਲਤੇਜ ਪੰਨੂ ਨੇ ਜੱਥੇਦਾਰ ਵੱਲੋਂ ਜਾਰੀ ਕੀਤੀ ਗਈ ਕਥਿਤ ਫੋਰੈਂਸਿਕ ਰਿਪੋਰਟ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਰਿਪੋਰਟ ਵਿੱਚ ਕਿਤੇ ਵੀ ਇਹ ਨਹੀਂ ਲਿਖਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਕੌਣ ਹੈ। ਉਹਨਾਂ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਤੁਹਾਡੀ ਰਿਪੋਰਟ ਮੰਨ ਵੀ ਲਈਏ ਕਿ ਵੀਡੀਓ (ਏਆਈ) ਨਾਲ ਨਹੀਂ ਬਣੀ, ਤਾਂ ਜੱਥੇਦਾਰ ਸਾਹਿਬ ਇਹ ਦੱਸਣ ਕਿ ਉਸ ਵੀਡੀਓ ਵਿੱਚ ਦਿਖ ਰਹੇ ਵਿਅਕਤੀ ਦਾ ਕੱਦ ਕਿੰਨਾ ਹੈ? ਜਿਸ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੁਸੀਂ ਉਂਗਲ ਚੁੱਕ ਰਹੇ ਹੋ, ਕੀ ਉਹਨਾਂ ਦਾ ਕੱਦ ਅਤੇ ਵੀਡੀਓ ਵਾਲੇ ਵਿਅਕਤੀ ਦਾ ਕੱਦ ਮੇਲ ਖਾਂਦਾ ਹੈ? ਉਹ ਕਿਹੜਾ ਹੋਟਲ ਦਾ ਕਮਰਾ ਹੈ ਜਿੱਥੇ ਗੁਰੂ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਜਿਵੇਂ ਕਿ ਦਾਅਵਾ ਕੀਤਾ ਜਾ ਰਿਹਾ ਹੈ? ਰਿਪੋਰਟ ਇਹ ਦੱਸਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ ਕਿ ਵੀਡੀਓ ਵਿੱਚ ਅਸਲ ਵਿੱਚ ਕੌਣ ਹੈ। ਪੰਨੂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਕਰਕੇ ਰਹੇਗੀ। ਅਕਾਲੀ ਦਲ ਦੇ ਇਤਿਹਾਸ ਨੂੰ ਕਾਲੇ ਪੰਨਿਆਂ ਨਾਲ ਭਰਿਆ ਦੱਸਦਿਆਂ ਪੰਨੂ ਨੇ ਕਿਹਾ ਕਿ ਸਾਲ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਚੋਰੀ ਹੋਈ, ਸਿੱਖਾਂ ਨੂੰ ਭੱਦੀ ਭਾਸ਼ਾ ਵਿੱਚ ਪੋਸਟਰ ਲਗਾ ਕੇ ਚੈਲੰਜ ਕੀਤਾ ਗਿਆ, ਅਤੇ ਅਕਤੂਬਰ ਮਹੀਨੇ ਵਿੱਚ ਗੁਰੂ ਸਾਹਿਬ ਦੇ ਅੰਗ ਕੂੜੇ ਦੇ ਢੇਰਾਂ ਵਿੱਚ ਰੋਲੇ ਗਏ। ਉਸ ਸਮੇਂ ਪੰਥਕ ਮੁਖੌਟਾ ਪਹਿਨ ਕੇ ਬਾਰ-ਬਾਰ ਸਰਕਾਰ ਬਣਾਉਣ ਵਾਲੇ ਸੁਖਬੀਰ ਬਾਦਲ ਅਤੇ ਉਹਨਾਂ ਦੇ ਲੋਕ ਸੁੱਤੇ ਰਹੇ। ਉਹਨਾਂ ਨੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਦਬਾਇਆ, ਗਵਾਹਾਂ ਨੂੰ ਪੁਲਿਸ ਨੌਕਰੀਆਂ ਦੇ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਇੱਕ-ਦੋ ਰੁਪਏ ਵਿੱਚ ਰੱਦੀ ਦੇ ਭਾਅ ਵੇਚਿਆ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਸਬੂਤ ਮਿਟਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਅੱਜ ਸੁਖਬੀਰ ਬਾਦਲ, ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਲੋਕ ਅਦਾਲਤ ਤੋਂ ਜ਼ਮਾਨਤ ‘ਤੇ ਬਾਹਰ ਘੁੰਮ ਰਹੇ ਹਨ। ਇਹਨਾਂ ਨੂੰ ਡਰ ਹੈ ਕਿ ਬਹਿਬਲ ਕਲਾਂ ਦੀ ਜਾਂਚ ਵੀ ਜਲਦੀ ਹੀ ਇਹਨਾਂ ਦੇ ਗਲੇ ਦੀ ਫ਼ਾਹੀ ਬਣਨ ਵਾਲੀ ਹੈ। ਪੰਨੂ ਨੇ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਭਗਵੰਤ ਮਾਨ ਦੀ ਸਰਕਾਰ ਬਣਾਈ, ਤਾਂ ਇਹਨਾਂ ਰਵਾਇਤੀ ਆਗੂਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਹਿਲਾਂ ਇਹਨਾਂ ਨੇ ਕੂੜ ਪ੍ਰਚਾਰ ਕੀਤਾ ਕਿ ਇਹ ਸਰਕਾਰ 3 ਮਹੀਨੇ ਜਾਂ ਸਾਲ ਭਰ ਨਹੀਂ ਚੱਲੇਗੀ। ਜਦੋਂ ਸਰਕਾਰ ਸ਼ਾਨਦਾਰ ਕੰਮ ਕਰਨ ਲੱਗੀ ਅਤੇ ਮੁੱਖ ਮੰਤਰੀ ਮਾਨ ਸਿਹਤ ਦੀ ਜਾਂਚ ਲਈ ਹਸਪਤਾਲ ਗਏ, ਤਾਂ ਇਹਨਾਂ ਦੀ ਬੌਖਲਾਹਟ ਇਸ ਕਦਰ ਵਧ ਗਈ ਕਿ ਬਿਕਰਮ ਸਿੰਘ ਮਜੀਠੀਆ ਪ੍ਰੈੱਸ ਕਾਨਫਰੰਸ ਵਿੱਚ ਮੁੱਖ ਮੰਤਰੀ ਦੀ ਧੀ ਦੀ ਵੀਡੀਓ ਦਿਖਾ ਕੇ ਘਟੀਆ ਸਿਆਸਤ ‘ਤੇ ਉਤਰ ਆਏ। ਪਰ ਪੰਜਾਬ ਦੇ ਲੋਕਾਂ ‘ਤੇ ਇਸ ਦਾ ਕੋਈ ਅਸਰ ਨਹੀਂ ਹੋਇਆ। ਪੰਨੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਅੱਜ ਸਾਢੇ ਚਾਰ ਸਾਲ ਹੋਣ ਵਾਲੇ ਹਨ ਅਤੇ ਸੂਬੇ ਵਿੱਚ ਸਰਕਾਰ ਖਿਲਾਫ਼ ਕੋਈ ‘ਐਂਟੀ-ਇਨਕੰਬੈਂਸੀ’ ਨਹੀਂ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਤਰਨਤਾਰਨ ਦੀਆਂ ਜ਼ਿਮਨੀ ਚੋਣਾਂ ਸਮੇਤ ਨਿਗਮ, ਨਗਰ ਕੌਂਸਲ ਅਤੇ ਸਰਪੰਚਾਂ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ। ਇਹ ਜਿੱਤ ਡੰਡੇ ਜਾਂ ਪੁਲਿਸ ਦੇ ਜ਼ੋਰ ‘ਤੇ ਨਹੀਂ, ਬਲਕਿ 2017 ਤੱਕ ਰਹੇ ਇਹਨਾਂ ਦੇ ਗੁੰਡਾ ਰਾਜ ਨੂੰ ਖ਼ਤਮ ਕਰਕੇ ਵਿਕਾਸ ਦੇ ਦਮ ‘ਤੇ ਮਿਲੀ ਹੈ। ਮਾਨ ਸਰਕਾਰ ਨੇ ਨਹਿਰਾਂ ਪਾਣੀ ਦੀ ਪਹੁੰਚ 21% ਤੋਂ ਵਧਾ ਕੇ 80% ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ, ਸੜਕਾਂ ‘ਤੇ ਸੜਕ ਸੁਰੱਖਿਆ ਫੋਰਸ ਤਾਇਨਾਤ ਕੀਤੀ ਅਤੇ ਜਨਤਾ ਨੂੰ 10 ਲੱਖ ਰੁਪਏ ਦੇ ਮੁਫ਼ਤ ਕੈਸ਼ਲੈੱਸ ਇਲਾਜ ਵਾਲਾ ਸਿਹਤ ਬੀਮਾ ਕਾਰਡ ਦਿੱਤਾ। ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੂੰ ਸਭ ਤੋਂ ਵੱਡੀ ਤਕਲੀਫ਼ ਇਸ ਗੱਲ ਦੀ ਹੈ ਕਿ ਜਿਸ ਭਗਵੰਤ ਮਾਨ ਨੂੰ ਉਹ ਹਮੇਸ਼ਾ ਬਦਨਾਮ ਕਰਦੇ ਸਨ, ਉਸੇ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ‘ਸਤਿਕਾਰ ਐਕਟ’ ਵਿੱਚ ਇਤਿਹਾਸਕ ਸੋਧ ਕਰਕੇ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਬੇਅਦਬੀ ਕਰਨ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ। ਇਹ ਐਕਟ ਪਾਸ ਵੀ ਹੋਇਆ ਅਤੇ ਰਾਜਪਾਲ ਦੇ ਦਸਤਖਤਾਂ ਤੋਂ ਬਾਅਦ ਲਾਗੂ ਵੀ ਹੋ ਗਿਆ। ਜਿਹੜਾ ਬਾਦਲ ਪਰਿਵਾਰ ਖੁਦ ਨੂੰ ਪੰਥ ਦਾ ਠੇਕੇਦਾਰ ਸਮਝਦਾ ਸੀ ਅਤੇ ਜਿਸ ਨੇ 2007 ਤੋਂ 2017 ਦੇ ਦਰਮਿਆਨ ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਚਿੱਟੇ (ਨਸ਼ੇ) ਦੀ ਅੱਗ ਵਿੱਚ ਝੋਕ ਦਿੱਤਾ, ਅੱਜ ਉਹ ਗੁਰੂ ਨਾਨਕ ਦੇਵ ਜੀ ਦੀ ਧਰਤੀ ‘ਤੇ ਬਣੇ ਇਸ ਸਖ਼ਤ ਕਾਨੂੰਨ ਨੂੰ ਪਚਾ ਨਹੀਂ ਪਾ ਰਹੇ ਹਨ। ਇਸੇ ਬੌਖਲਾਹਟ ਵਿੱਚ ਉਹਨਾਂ ਨੇ ਹੁਣ ਰਾਜਨੀਤੀ ਦਾ ਆਪਣਾ ਆਖਰੀ ਪੱਤਾ ਖੇਡਦਿਆਂ, ਬਦਕਿਸਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਵੀ ਮੋਹਰਾ ਬਣਾ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ, ਪਰ ਪੰਜਾਬ ਦੀ ਸਮਝਦਾਰ ਜਨਤਾ ਉਹਨਾਂ ਦੇ ਇਹਨਾਂ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। 

Punjab

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ          ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ ‘ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਇਸ ਕਦਰ ਤਹਿਸ-ਨਹਿਸ ਕਰ ਦਿੱਤਾ ਹੈ ਕਿ ਈਡੀ ਪਾਰਟੀ ਵਾਲੇ ਹੁਣ ਖੁਦ ਸਪਲਾਈ ਲਈ ਮੈਦਾਨ ਵਿੱਚ ਉਤਰ ਆਏ ਹਨ। ਭਗਵੰਤ ਮਾਨ ਜੀ, ਰਗੜ ਦਿਓ ਜੋ ਵੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਰੇ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੱਸ ਇਹਨਾਂ ਈਡੀ ਪਾਰਟੀ ਵਾਲੇ ਨਸ਼ਾ ਤਸਕਰਾਂ ਤੋਂ ਬਚਾ ਲਓ। ਦੂਜੇ ਪਾਸੇ, ‘ਆਪ’ ਦੇ ਸੀਨੀਅਰ ਆਗੂ ਅਤੇ ਕੋਂਡਲੀ ਤੋਂ ਵਿਧਾਇਕ ਕੁਲਦੀਪ ਕੁਮਾਰ ਨੇ ਵੀ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਈਡੀ ਪਾਰਟੀ ਵਿਦੇਸ਼ਾਂ ਤੋਂ ਨਸ਼ਾ ਮੰਗਵਾਉਂਦੀ ਹੈ, ਅਡਾਨੀ ਦੇ ਪੋਰਟ ‘ਤੇ ਉਤਾਰਦੀ ਹੈ, ਫਿਰ ਦੇਸ਼ ਦੇ ਕੋਨੇ-ਕੋਨੇ ਵਿੱਚ ਭੇਜਦੀ ਹੈ ਅਤੇ ਫਿਰ ਈਡੀ ਪਾਰਟੀ ਦੇ ਵਰਕਰ ਇਸ ਨੂੰ ਵੇਚਦੇ ਹਨ। ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਇਹਨਾਂ ਦੇ ਨਸ਼ੇ ਦੇ ਧੰਦੇ ਬੰਦ ਕਰ ਰਹੀ ਹੈ। ਇਸੇ ਕਰਕੇ ਚਿੱਟਾ ਪਾਰਟੀ ਅਤੇ ਈਡੀ ਪਾਰਟੀ ਪ੍ਰੇਸ਼ਾਨ ਹਨ। 

Punjab

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 15 ਜੂਨ-       ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ ਹਨ। ਸੀਨੀਅਰ ਆਪ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਯਾਦ ਦਿਵਾਇਆ ਕਿ ਇਹ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਹੀ ਸੀ ਜਦੋਂ ਪੰਜਾਬ ਭਰ ਵਿੱਚ ਚਿੱਟਾ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕ ਦਿੱਤਾ ਗਿਆ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ, ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਭਾਜਪਾ ਦਾ ਆਗੂ, ਅਹੁਦੇਦਾਰ ਜਾਂ ਸਮਰਥਕ ਹੀ ਕਿਉਂ ਨਾ ਹੋਵੇ। ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਆਨ ਦਿੱਤਾ ਕਿ ਇਸ ਗ੍ਰਿਫ਼ਤਾਰੀ ਨੇ ਭਾਜਪਾ ਦੇ ਦੋਹਰੇ ਮਾਪਦੰਡਾਂ ਅਤੇ ਨਸ਼ਾ ਤਸਕਰੀ ਨਾਲ ਉਸਦੇ ਡੂੰਘੇ ਸਬੰਧਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਸਾਲਾਂ ਤੋਂ ਭਾਜਪਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹੁਣ ਉਨ੍ਹਾਂ ਦਾ ਆਪਣਾ ਹੀ ਇੱਕ ਅਹੁਦੇਦਾਰ ਨਸ਼ੇ ਦੇ ਕੇਸ ਵਿੱਚ ਫੜਿਆ ਗਿਆ ਹੈ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਪਾਰਟੀ ਖੁਦ ਉਸੇ ਬੁਰਾਈ ਵਿੱਚ ਗਲਤਾਨ ਹੈ ਜਿਸ ਵਿਰੁੱਧ ਲੜਨ ਦਾ ਉਹ ਦਿਖਾਵਾ ਕਰਦੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਨਸ਼ਾ ਤਸਕਰ ਉਨ੍ਹਾਂ ਦੀ ਸਿਆਸੀ ਸਰਪ੍ਰਸਤੀ ਹੇਠ ਚੱਲਦੇ ਸਨ, ਹੁਣ ਭਾਜਪਾ ਦੇ ਆਗੂ ਖੁਦ ਨਸ਼ਿਆਂ ਸਮੇਤ ਫੜੇ ਜਾ ਰਹੇ ਹਨ। ਇਸ ਘਟਨਾ ਨੇ ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਬਿਨਾਂ ਕਿਸੇ ਸਮਝੌਤੇ ਦੇ ਸਰਗਰਮੀ ਨਾਲ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਚਲਾ ਰਹੀ ਹੈ। ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ, ਅਤੇ ਸਿਆਸੀ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਹਰ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਪਿਛਲੀ ਸਰਕਾਰ ਦੇ ਸਮੇਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਨਸ਼ਿਆਂ ਦਾ ਸਭ ਤੋਂ ਭਿਆਨਕ ਦੌਰ ਦੇਖਿਆ। ਅਕਾਲੀ ਦਲ-ਭਾਜਪਾ ਸਰਕਾਰ ਦੇ ਸਮੇਂ ਹੀ ਪੰਜਾਬ ਭਰ ਵਿੱਚ ‘ਚਿੱਟਾ’ ਫੈਲਿਆ ਅਤੇ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਅੱਜ, ਉਹੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਿਆ, ਜਨਤਾ ਨੂੰ ਗੁਮਰਾਹ ਕਰਨ ਅਤੇ ਆਪਣੀ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਣਥੱਕ ਮਿਹਨਤ ਕਰ ਰਹੀ ਹੈ, ਉੱਥੇ ਹੀ ਦੇਸ਼ ਵਿਆਪੀ ਨਸ਼ਾ ਨੈੱਟਵਰਕ ਵਿੱਚ ਭਾਜਪਾ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਾਰਤ ਵਿੱਚ ਦਾਖਲ ਹੋਣ ਵਾਲੇ ਨਸ਼ਿਆਂ ਦਾ ਇੱਕ ਵੱਡਾ ਹਿੱਸਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਭਾਜਪਾ ਸ਼ਾਸਤ ਗੁਜਰਾਤ ਵਿੱਚੋਂ ਲੰਘਦਾ ਹੈ। ਭਾਜਪਾ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਤੋਂ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾਂਦੇ ਹਨ। ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਭਾਜਪਾ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸਦੀ ਨਿਗਰਾਨੀ ਹੇਠ ਇੰਨੇ ਵੱਡੇ ਪੱਧਰ ‘ਤੇ ਦੇਸ਼ ਵਿੱਚ ਨਸ਼ੀਲੇ ਪਦਾਰਥ ਕਿਵੇਂ ਦਾਖਲ ਹੋ ਰਹੇ ਹਨ। ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਐਂਟੀ-ਡਰੋਨ ਪ੍ਰਣਾਲੀਆਂ ਰਾਹੀਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ, ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਹੈ, ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਆਮ ਜ਼ਿੰਦਗੀ ਵਿੱਚ ਪਰਤਣ ਵਿੱਚ ਮਦਦ ਕਰਨ ਲਈ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਵਿਸਥਾਰ ਕੀਤਾ ਹੈ। ‘ਆਪ’ ਸਰਕਾਰ ਨਸ਼ਿਆਂ ਦੇ ਖਿਲਾਫ ਜ਼ੀਰੋ-ਟਾਲਰੈਂਸ ਨੀਤੀ ‘ਤੇ ਚੱਲਦੀ ਹੈ। ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨੇ ਵੀ ਉੱਚੇ ਸਿਆਸੀ ਅਹੁਦੇ ਜਾਂ ਰਸੂਖ ਵਾਲਾ ਕਿਉਂ ਨਾ ਹੋਵੇ, ਜੇਕਰ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਕੋਈ ਵੀ ਭਾਜਪਾ ਆਗੂ, ਅਹੁਦੇਦਾਰ ਜਾਂ ਸਮਰਥਕ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰੇਗੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜੇਗੀ। ਭਗਵੰਤ ਸਿੰਘ ਮਾਨ ਸਰਕਾਰ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ। ਆਪਣੀ ਗੱਲ ਖਤਮ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਣੂ ਹਨ ਕਿ ਪਿਛਲੇ ਸਮੇਂ ਵਿੱਚ ਕਿਹੜੀਆਂ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕੀਤਾ ਅਤੇ ਕੌਣ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਭਾਜਪਾ ਅਤੇ ਅਕਾਲੀ ਦਲ ਨੇ ਵਾਰ-ਵਾਰ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹੇਗੀ ਜਦੋਂ ਤੱਕ ਹਰ ਇੱਕ ਨਸ਼ਾ ਤਸਕਰ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ। 

Punjab

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਚੰਡੀਗੜ੍ਹ, 15 ਜੂਨ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ। ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨਾਂ ਵਿੱਚ ਕੁੱਲ 14,664 ਸਥਾਨਾਂ ‘ਤੇ 24,453 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਕੁੱਲ 85.82 ਫ਼ੀਸਦ ਵੋਟਰ ਮੈਪਿੰਗ ਮੁਕੰਮਲ ਹੋ ਚੁੱਕੀ ਹੈ। ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਏ.ਡੀ.ਈ.ਓਜ਼, ਈ.ਆਰ.ਓਜ਼, ਏ.ਈ.ਆਰ.ਓਜ਼, ਚੋਣ ਤਹਿਸੀਲਦਾਰਾਂ ਅਤੇ ਤਕਨੀਕੀ ਸਟਾਫ ਲਈ ਕਰਵਾਇਆ ਗਿਆ ਤਿੰਨ-ਰੋਜ਼ਾ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ, ਜਦੋਂ ਕਿ ਬੀ.ਐਲ.ਓਜ਼ ਅਤੇ ਬੀ.ਐਲ.ਓਜ਼ ਸੁਪਰਵਾਈਜ਼ਰਾਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰਗਤੀ ਅਧੀਨ ਹੈ। ਚੋਣ ਸਮੱਗਰੀ ਦੀ ਛਪਾਈ ਦਾ ਕੰਮ ਜਾਰੀ ਹੈ ਅਤੇ ਘਰ-ਘਰ ਜਾ ਕੇ ਤਸਦੀਕ ਕਰਨ ਸਬੰਧੀ ਪੜਾਅ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਿਵੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸੂਬੇ ਭਰ ਵਿੱਚ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਸੈਸ਼ਨ ਦੌਰਾਨ, ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਡੀ.ਈ.ਓਜ਼ ਨੂੰ ਵੋਟਰ ਸੂਚੀਆਂ ਦੀ ਸਟੀਕਤਾ, ਸੰਪੂਰਨਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਹਰੇਕ ਜ਼ਿਲ੍ਹੇ ਦੀ ਫੀਲਡ ਮਸ਼ੀਨਰੀ ਦੀਆਂ ਤਿਆਰੀਆਂ ਅਤੇ ਲਾਗੂਕਰਨ ਪ੍ਰੋਟੋਕੋਲ ਦੀ ਸਮੀਖਿਆ ਕੀਤੀ ਜਿਹਨਾਂ ਨੂੰ ਇਹ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਸੂਚੀ ਵਿੱਚ ਦਰਜ ਕਰਨ ਤੋਂ ਰਹਿ ਨਾ ਜਾਵੇ ਅਤੇ ਕੋਈ ਵੀ ਅਯੋਗ ਐਂਟਰੀ ਸ਼ਾਮਲ ਨਾ ਕੀਤੀ ਜਾਵੇ। ਮੀਟਿੰਗ ਦੌਰਾਨ ਘਰ-ਘਰ ਜਾ ਕੇ ਤਸਦੀਕ ਕਰਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਵਿੱਚ ਸਹਾਇਤਾ ਕਰਨ ਵਿੱਚ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੀ ਮਹੱਤਵਪੂਰਨ ਭੂਮਿਕਾ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਵੋਟਰ ਜਾਗਰੂਕਤਾ ਵਧਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ। ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਪੰਜਾਬ ਦੇ ਤਿੰਨ ਰੋਜ਼ਾ ਦੌਰੇ ‘ਤੇ ਹਨ ਅਤੇ ਅਗਲੇ ਦੋ ਦਿਨਾਂ ਵਿੱਚ ਹੋਰ ਜ਼ਿਲ੍ਹਿਆਂ ਨੂੰ ਕਵਰ ਕਰਨਗੇ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੀ.ਈ.ਓ. ਪੰਜਾਬ ਵੀ ਹੋਣਗੇ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ

ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ। ਵਿਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦਾ ਸੁਪਨਾ ਪੰਜਾਬ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਲੋਕ ਸੇਵਾ ਦੇ ਉੱਚ ਤੇ ਵੱਕਾਰੀ ਅਹੁਦਿਆਂ ‘ਤੇ ਪਹੁੰਚਦੇ ਦੇਖਣਾ ਹੈ।ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਅੱਜ, ਮੈਨੂੰ ਉਨ੍ਹਾਂ ਹੁਸ਼ਿਆਰ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਜਿਨ੍ਹਾਂ ਨੇ ਵੱਕਾਰੀ ਯੂ.ਪੀ.ਐਸ.ਸੀ.-2025 ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਮੇਰੀ ਇਨ੍ਹਾਂ ਨੌਜਵਾਨਾਂ ਨਾਲ ਸਾਰਥਕ ਗੱਲਬਾਤ ਹੋਈ। ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਇਮਾਨਦਾਰੀ, ਵਚਨਬੱਧਤਾ ਅਤੇ ਸਮਰਪਿਤ ਭਾਵਨਾ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨਗੇ। ਸਾਡਾ ਸੁਪਨਾ ਹੈ ਕਿ ਹੋਰ ਨੌਜਵਾਨਾਂ ਨੂੰ ਉੱਚ ਅਤੇ ਵੱਕਾਰੀ ਅਹੁਦਿਆਂ ‘ਤੇ ਦੇਖਣਾ ਹੈ ਅਤੇ ‘ਆਪ’ ਸਰਕਾਰ ਇਸ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।”ਪੰਜਾਬ ਤੋਂ ਯੂ.ਪੀ.ਐਸ.ਸੀ. ਪ੍ਰੀਖਿਆ-2025 ਪਾਸ ਕਰਨ ਵਾਲੇ ਨਵੇਂ ਚੁਣੇ ਗਏ ਆਈ.ਏ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਨੌਜਵਾਨ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸੂਬੇ ਦਾ ਮਾਣ ਵਧਾ ਰਹੇ ਹਨ। ਇਨ੍ਹਾਂ ਅਧਿਕਾਰੀਆਂ ਨੇ ਵੱਕਾਰੀ ਯੂ.ਪੀ.ਐਸ.ਸੀ. ਪ੍ਰੀਖਿਆ ਪਾਸ ਕੀਤੀ ਹੈ ਅਤੇ ਨਾ ਸਿਰਫ਼ ਪੰਜਾਬ ਦਾ ਸਗੋਂ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਸਾਡੇ ਵਿਦਿਆਰਥੀਆਂ ਦੀ ਅਥਾਹ ਸਮਰੱਥਾ ਅਤੇ ਸਿੱਖਿਆ ਖੇਤਰ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਨੂੰ ਦਰਸਾਉਂਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਆਖਰੀ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਦੇ ਰਹਿਣਗੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਅੱਗੇ ਕਿਹਾ, “ਆਮ ਪਰਿਵਾਰਾਂ ਦੇ ਬੱਚੇ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ ਕਿਸੇ ਵੀ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਸਫਲਤਾ ਸਮੁੱਚੇ ਸੂਬੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਸੂਬੇ ਦੇ ਇਨ੍ਹਾਂ ਪੁੱਤਰਾਂ ਅਤੇ ਧੀਆਂ ਨੇ ਆਪਣੀ ਯੋਗਤਾ ਨੂੰ ਸਾਬਤ ਕੀਤਾ ਹੈ ਅਤੇ ਇਹ ਦਿਖਾਇਆ ਹੈ ਕਿ ਹਰ ਘਰ ਵਿੱਚ ਸਮਰੱਥ ਨੌਜਵਾਨ ਹਨ।”ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧੀਆਂ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸਮਾਜ ਲਈ ਤੇਜ਼ੀ ਨਾਲ ਰੋਲ ਮਾਡਲ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਲੜਕੀਆਂ ਨੇ ਪੰਜਾਬ ਦੇ ਹਰ ਖੇਤਰ ‘ਚ ਲਗਾਤਾਰ ਬਿਹਤਰੀਨ ਪ੍ਰਦਰਸ਼ਨ ਕਰਕੇ ਆਪਣੀਆਂ ਯੋਗਤਾਵਾਂ ਨੂੰ ਸਾਬਤ ਕੀਤਾ ਹੈ। ਇਹ ਧੀਆਂ ਅਸਾਧਾਰਨ ਪ੍ਰਤਿਭਾ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ਦੀਆਂ ਪ੍ਰਾਪਤੀਆਂ ਸ਼ਕਤੀਸ਼ਾਲੀ ਸੰਦੇਸ਼ ਦਿੰਦੀਆਂ ਹਨ ਕਿ ਬਰਾਬਰ ਮੌਕੇ ਅਤੇ ਉਤਸ਼ਾਹ ਨਾਲ, ਕੁੜੀਆਂ ਆਪਣੀ ਇੱਛਾ ਮੁਤਾਬਕ ਨਤੀਜੇ ਹਾਸਲ ਕਰ ਸਕਦੀਆਂ ਹਨ।”ਵਿਦਿਆਰਥਣਾਂ ਦੀ ਸਫਲਤਾ ਨੂੰ ਪੂਰੇ ਸੂਬੇ ਲਈ ਬੇਹੱਦ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਇਸ ਨੂੰ ਮਹਿਲਾ ਸਸ਼ਕਤੀਕਰਨ ਦਾ ਸਪੱਸ਼ਟ ਪ੍ਰਤੀਕ ਦੱਸਿਆ। ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਬਿਹਤਰ ਬੁਨਿਆਦੀ ਢਾਂਚਾ, ਸਿੱਖਿਆ ਦੀਆਂ ਆਧੁਨਿਕ ਵਿਧੀਆਂ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਕੰਮ ਕਰ ਰਹੇ ਹਾਂ। ਹਰ ਬੱਚਾ ਆਰਥਿਕ ਤੰਗੀਆਂ ਦੀ ਪਰਵਾਹ ਕੀਤੇ ਬਿਨਾਂ ਮਿਆਰੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ ਹੈ ਅਤੇ ਸਾਡੀ ਸਰਕਾਰ ਹਰ ਇਕ ਬੱਚੇ ਤੱਕ ਇਹ ਮੌਕਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਬੁਲੰਦੀਆਂ ਛੂਹਣ ਲਈ ਹੋਰਨਾਂ ਬੱਚਿਆਂ ਵਰਗੇ ਬਿਹਤਰ ਮੌਕੇ ਮਿਲ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,”ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਸਭ ਤੋਂ ਅਹਿਮ ਜ਼ਰੀਆ ਹੈ। ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ ਕਿ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ।”ਮਾਪਿਆਂ ਨੂੰ ਆਪਣੇ ਬੱਚਿਆਂ ‘ਤੇ ਭਰੋਸਾ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਬੱਚੇ ਵਿੱਚ ਵਿਲੱਖਣ ਯੋਗਤਾਵਾਂ ਤੇ ਹੁਨਰ ਹੁੰਦੇ ਹਨ ਜਿਨ੍ਹਾਂ ਨੂੰ ਉਮੀਦਾਂ ਦੇ ਬੋਝ ਹੇਠ ਦੱਬੇ ਜਾਣ ਦੀ ਬਜਾਏ ਨਿਖਾਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਸਮਰੱਥਾਵਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹੇ ਕਰੀਅਰ ਚੁਣਨ ਲਈ ਮਜਬੂਰ ਨਹੀਂ ਕਰਨਾ ਚਾਹੀਦਾ ਜਿਹਨਾਂ ਵਿੱਚ ਉਨ੍ਹਾਂ ਦੀ ਰੁਚੀ ਨਾ ਹੋਵੇ। ਜਦੋਂ ਬੱਚਿਆਂ ਨੂੰ ਆਪਣੇ ਪਰਿਵਾਰਾਂ ਤੋਂ ਭਰੋਸਾ ਅਤੇ ਸਮਰਥਨ ਮਿਲਦਾ ਹੈ ਤਾਂ ਉਹ ਬਿਹਤਰ ਪ੍ਰਦਰਸ਼ਨ ਅਤੇ ਆਪਣੀ ਪੂਰੀ ਸਮਰੱਥਾ ਨਾਲ ਮਿਹਨਤ ਕਰਦੇ ਹਨ।”ਵਿਦਿਅਕ ਸੁਧਾਰਾਂ ਅਤੇ ਵਿਦਿਆਰਥੀ ਦੀ ਭਲਾਈ ਸਬੰਧੀ ਪਹਿਲਕਦਮੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇੱਕ ਅਜਿਹਾ ਈਕੋਸਿਸਟਮ ਬਣਾਉਣ ਲਈ ਦ੍ਰਿੜ ਹੈ ਜਿੱਥੇ ਹਰ ਬੱਚਾ ਆਪਣੀ ਪੂਰੀ ਸਮਰੱਥਾ ਨੂੰ ਪਛਾਣ ਸਕੇ।ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਸਖ਼ਤ ਮਿਹਨਤ ਕਰਦੇ ਰਹਿਣਗੇ, ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਪੰਜਾਬ ਦਾ ਭਵਿੱਖ ਰੌਸ਼ਨ ਹੈ ਕਿਉਂਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੇ ਹੁਨਰ, ਦ੍ਰਿੜਤਾ ਅਤੇ ਇੱਛਾਵਾਂ ਨੂੰ ਦਰਸਾਉਂਦੀਆਂ ਹਨ। ਮੈਂ ਸਾਰਿਆਂ ਨੂੰ ਜੀਵਨ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ

Punjab

ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਜੂਨ: ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ ਲਈ ਆਪਣੀ ਜ਼ਮੀਨ ਦਾਨ ਕੀਤੀ ਹੈ।          ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਂਤੀ ਨਗਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ ਸੋਲਰ ਸਿਸਟਮ ਸਥਾਪਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।         ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਅਤੇ ਪਾਣੀ ਦੀ ਵਧਦੀ ਮੰਗ ਕਾਰਨ ਕੁਝ ਥਾਵਾਂ ‘ਤੇ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਸਾਹਮਣੇ ਆਈ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਦੇ ਮੁਕੰਮਲ ਹੋਣ ਉਪਰੰਤ ਸ਼ਾਂਤੀ ਨਗਰ ਦੇ ਵਸਨੀਕਾਂ ਨੂੰ ਪਾਣੀ ਲੋੜੀਂਦੀ ਮਾਤਰਾ ਵਿੱਚ ਸਾਫ਼ ਪੀਣ ਵਾਲਾ ਪਾਣੀ ਉਪਲਬੱਧ ਹੋਵੇਗਾ।         ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਇਲਾਕੇ ਦੇ ਹਰ ਨਾਗਰਿਕ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਨਾਲ ਸ਼ਾਂਤੀ ਨਗਰ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ।      ਇਸ ਦੌਰਾਨ ਪਿੰਡ ਦੇ ਸਰਪੰਚ ਜੱਸੀ, ਸੰਦੀਪ ਚੇਚੀ ਅਤੇ ਹੋਰ ਹਾਜ਼ਰ ਲੋਕਾਂ ਨੇ ਵੀ ਵਿਧਾਇਕ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਮਿਲੇਗਾ। 

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਲੋਕ ਮਿਲਣੀ

ਕੋਟਕਪੂਰਾ, 15 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ।  ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਜਾ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪਿੰਡ ਥਾੜਾ ਵਿਖੇ ਸੂਏ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਹਾਜ਼ਰ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ ਸੰਧਵਾਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Punjab

ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।   ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ।        ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ ‘ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਓਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ। 

Punjab

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

ਸ੍ਰੀ ਮੁਕਤਸਰ ਸਾਹਿਬ 14 ਜੂਨ               ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ  ਆਜ਼ਾਦ ਸਿੰਘ ਨੇ ਦਿੱਤੀ।               ਉਹਨਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜ਼ੋ ਤਨਾਅ ਮੁਕਤ ਜਿੰਦਗੀ ਜਿਉਂ ਸਕਣ।  ਸੀ.ਐਮ. ਦੀ ਯੋਗਸ਼ਾਲਾਂ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।                 ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ—ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱਸਾ ਲੈ ਰਹੇ ਹਨ।                 ਉਹਨਾਂ ਦੱਸਿਆ ਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿੱਚ 24 ਟਰੇਨਰ ਵਲੋਂ 114 ਕਲਾਸ ਲਗਾਈਆ ਜਾ ਰਹੀਆਂ ਹਨ ਮੁਫਤ ਯੋਗਾ ਕਲਾਸਾਂ ਸਿਖਣ ਵਾਲੇ 16593 ਮੈਂਬਰ ਰਜਿਸਟਰਡ ਹੋਏ ਹਨ।         ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ.ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ। 

Punjab

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

ਮਾਲੇਰਕੋਟਲਾ, 14 ਜੂਨ :        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸਟਾਫ ਨੂੰ ਐੱਸ.ਆਈ.ਆਰ ਸਬੰਧੀ ਟ੍ਰੇਨਿੰਗ ਕਰਵਾਈ ਜਾ ਚੁੱਕੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਏ । ਟ੍ਰੇਨਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ.ਆਈ.ਆਰ. ਸਬੰਧੀ ਵੱਖ-ਵੱਖ ਫਾਰਮਾਂ, ਦਸਤਾਵੇਜ਼ਾਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।                    ਡਾ. ਇਰਫਾਨ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਗਣਨਾ ਫਾਰਮ ਵੰਡਣਗੇ ਅਤੇ ਵੋਟਰਾਂ ਨੂੰ ਫਾਰਮ ਭਰਨ ਸਬੰਧੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਲਈ ਫਾਰਮ ਭਰਨਾ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬੀ.ਐਲ.ਓ. ਨੂੰ ਵਾਪਸ ਸੌਂਪਣਾ ਬਹੁਤ ਜ਼ਰੂਰੀ ਹੈ।                ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਹਰ ਘਰ ਵਿੱਚ ਵੋਟਰਾਂ ਦੀ ਸਹੂਲਤ ਅਨੁਸਾਰ ਤਿੰਨ ਵਾਰ ਦੌਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਫਾਰਮਾਂ ਨੂੰ ਆਨਲਾਈਨ ਅਪਡੇਟ ਕਰਨ ਲਈ ਮੌਜੂਦਾ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕਾਲਜ ਸਟਾਫ, ਸਵੀਪ ਟੀਮ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ। 

Scroll to Top